ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (PSPCL) ਨੇ ਬਿਜਲੀ ਉਤਪਾਦਨ ਖੇਤਰ ਵਿੱਚ ਹੋ ਰਹੀਆਂ ਗੜਬੜਾਂ ਅਤੇ ਵਿੱਤੀ ਬੇਤਰਤੀਬੀਆਂ ‘ਤੇ ਵੱਡੀ ਕਾਰਵਾਈ ਕਰਦਿਆਂ ਰੋਪੜ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਦੇ ਮੁੱਖ ਇੰਜੀਨੀਅਰ ਹਰੀਸ਼ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਇਹ ਦੋਵੇਂ ਸਰਕਾਰੀ ਥਰਮਲ ਪਲਾਂਟ ਪੰਜਾਬ ਸਰਕਾਰ ਵੱਲੋਂ ਚਲਾਏ ਜਾਂਦੇ ਹਨ। ਬਿਜਲੀ ਉਤਪਾਦਨ ਲਈ ਇਨ੍ਹਾਂ ਪਲਾਂਟਾਂ ਨੂੰ ਲੋੜੀਂਦਾ ਕੋਲਾ ਪੰਜਾਬ ਸਰਕਾਰ ਦੀ ਆਪਣੀ ਕੋਲੇ ਦੀ ਖਾਨ — ਪਛਵਾੜਾ, ਝਾਰਖੰਡ ਤੋਂ ਪ੍ਰਾਪਤ ਹੁੰਦਾ ਹੈ। ਸਰਕਾਰ ਨੂੰ ਉਮੀਦ ਸੀ ਕਿ ਆਪਣੀ ਖਾਨ ਤੋਂ ਕੋਲਾ ਆਉਣ ਨਾਲ ਉਤਪਾਦਨ ਲਾਗਤ ਘਟੇਗੀ ਅਤੇ ਦੋਵੇਂ ਪਲਾਂਟ ਸਰਕਾਰੀ ਖਜ਼ਾਨੇ ਲਈ ਲਾਭਦਾਇਕ ਸਾਬਤ ਹੋਣਗੇ।
ਪਰ ਇਸਦੇ ਉਲਟ, ਜਾਂਚ ਦੌਰਾਨ ਇਹ ਚੌਕਾਣੀ ਵਾਲੀ ਗੱਲ ਸਾਹਮਣੇ ਆਈ ਕਿ ਦੋਵੇਂ ਥਰਮਲ ਪਲਾਂਟਾਂ ਵਿੱਚ ਮਹਿੰਗੀ ਬਿਜਲੀ ਪੈਦਾ ਕੀਤੀ ਜਾ ਰਹੀ ਸੀ। ਅੰਕੜਿਆਂ ਮੁਤਾਬਕ, ਬਿਜਲੀ ਦੀ ਉਤਪਾਦਨ ਲਾਗਤ 75 ਪੈਸੇ ਤੋਂ 1 ਰੁਪਏ 25 ਪੈਸੇ ਪ੍ਰਤੀ ਯੂਨਿਟ ਵੱਧ ਰਹੀ ਸੀ। ਇਸ ਨਾਲ ਸਰਕਾਰੀ ਖਜ਼ਾਨੇ ਨੂੰ ਕਈ ਕਰੋੜਾਂ ਦਾ ਨੁਕਸਾਨ ਹੋਇਆ।
ਅੰਦਰੂਨੀ ਰਿਪੋਰਟਾਂ ਮੁਤਾਬਕ, ਦੋਵੇਂ ਪਲਾਂਟਾਂ ਵਿੱਚ ਕੋਲੇ ਦੀ ਖਪਤ ਅਤੇ ਖਰੀਦ ਸਬੰਧੀ ਅਨੁਸ਼ਾਸਨਹੀਣਤਾ ਦੇ ਮਾਮਲੇ ਸਾਹਮਣੇ ਆਏ ਹਨ। PSPCL ਦੇ ਉੱਚ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਇੰਜੀਨੀਅਰ ਹਰੀਸ਼ ਸ਼ਰਮਾ ਨੂੰ ਡਿਊਟੀ ਤੋਂ ਹਟਾ ਦਿੱਤਾ ਅਤੇ ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਰਕਾਰੀ ਸਰੋਤਾਂ ਅਨੁਸਾਰ, ਜੇਕਰ ਜਾਂਚ ਵਿੱਚ ਹੋਰ ਅਧਿਕਾਰੀ ਜਾਂ ਠੇਕੇਦਾਰ ਵੀ ਸ਼ਾਮਲ ਪਾਏ ਗਏ ਤਾਂ ਉਨ੍ਹਾਂ ‘ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। PSPCL ਨੇ ਇਹ ਵੀ ਕਿਹਾ ਹੈ ਕਿ ਇਸ ਘਟਨਾ ਤੋਂ ਸਬਕ ਲੈਂਦਿਆਂ ਥਰਮਲ ਪਲਾਂਟਾਂ ਵਿੱਚ ਪ੍ਰਬੰਧਕੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਨਵੇਂ ਨਿਯਮ ਤਿਆਰ ਕੀਤੇ ਜਾ ਰਹੇ ਹਨ।
ਇਹ ਸਾਰਾ ਮਾਮਲਾ ਪੰਜਾਬ ਦੀ ਬਿਜਲੀ ਉਤਪਾਦਨ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ ਨੂੰ ਉਜਾਗਰ ਕਰਦਾ ਹੈ ਅਤੇ ਇਹ ਦਰਸਾਉਂਦਾ ਹੈ ਕਿ ਸਰਕਾਰ ਹੁਣ ਬਿਜਲੀ ਵਿਭਾਗ ਵਿੱਚ ਹੋ ਰਹੀਆਂ ਗੜਬੜਾਂ ‘ਤੇ ਕੜੀ ਨਿਗਰਾਨੀ ਰੱਖਣ ਲਈ ਤਿਆਰ ਹੈ।

