ਬਠਿੰਡਾ: ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਤਲਵੰਡੀ ਸਾਬੋ ਥਾਣੇ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਏਐਸਆਈ ਅਤੇ ਦੋ ਹੈੱਡ ਕਾਂਸਟੇਬਲਾਂ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਕਾਬੂ ਕਰ ਲਿਆ। ਗ੍ਰਿਫ਼ਤਾਰ ਹੋਏ ਅਫਸਰਾਂ ਵਿੱਚ ASI ਜਸਕੌਰ ਸਿੰਘ, ਹੈੱਡ ਕਾਂਸਟੇਬਲ ਕੁਲਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਸ਼ਾਮਲ ਹਨ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ, ਇਹ ਰਿਸ਼ਵਤ ਤਲਵੰਡੀ ਸਾਬੋ ‘ਚ ਦਰਜ ਇੱਕ NDPS ਤੇ ਆਬਕਾਰੀ ਐਕਟ ਵਾਲੇ ਮਾਮਲੇ ਵਿੱਚ ਰਾਹਤ ਦੇਣ ਦੇ ਬਦਲੇ ਮੰਗੀ ਗਈ ਸੀ।ਸ਼ਿਕਾਇਤਕਰਤਾ ਕਰਨਵੀਰ ਸਿੰਘ ਨੇ ਦੱਸਿਆ ਕਿ 22 ਜੁਲਾਈ ਨੂੰ ਉਸਦੇ ਪਿਤਾ ਹਰਬੰਸ ਸਿੰਘ ਨੂੰ 15 ਕਿਲੋ ਭੁੱਕੀ, 20 ਲੀਟਰ ਗੈਰਕਾਨੂੰਨੀ ਸ਼ਰਾਬ ਅਤੇ 450 ਲੀਟਰ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਰਾਹਤ ਦੇਣ ਲਈ ਪੁਲਿਸ ਮੁਲਾਜ਼ਮਾਂ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ।
ਵਿਜੀਲੈਂਸ ਨੇ ਤੁਰੰਤ ਕਾਰਵਾਈ ਕਰਦਿਆਂ ਰਿਸ਼ਵਤ ਲੈ ਰਹੇ ਤਿੰਨਾਂ ਅਧਿਕਾਰੀਆਂ ਨੂੰ ਰੰਗੇ ਹੱਥੀਂ ਫੜ ਲਿਆ। ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਨਿਰੋਧਕ ਕਾਨੂੰਨ ਹੇਠ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਇਸ ਕਾਰਵਾਈ ਨੂੰ ਪੁਲਿਸ ਵਿਭਾਗ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਦੀ ਪ੍ਰਥਾ ਵਿਰੁੱਧ ਵੱਡਾ ਕਦਮ ਮੰਨਿਆ ਜਾ ਰਿਹਾ ਹੈ।