ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੁਆਰਾ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਕਾਰਵਾਈ ਨੂੰ “ਅਤਿ ਨਿੰਦਣਯੋਗ” ਅਤੇ “ਸਿੱਖ ਵਿਰੋਧੀ ਮਾਨਸਿਕਤਾ” ਦਾ ਪ੍ਰਗਟਾਵਾ ਕਰਾਰ ਦਿੰਦਿਆਂ ਸਖ਼ਤ ਸ਼ਬਦਾਂ ਵਿੱਚ ਵਿਰੋਧ ਦਰਜ ਕੀਤਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਦੁਆਰਾ ਰਚਿਆ ਮਹਾਨਕੋਸ਼ ਸਿੱਖ ਕੌਮ ਦੀ ਵਿਰਾਸਤ ਹੈ, ਜਿਸ ਵਿੱਚ ਨਾ ਸਿਰਫ਼ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਹਵਾਲੇ ਹਨ, ਸਗੋਂ ਸਿੱਖ ਇਤਿਹਾਸ ਅਤੇ ਸਰੋਤਾਂ ਬਾਰੇ ਵੀ ਬੇਮਿਸਾਲ ਜਾਣਕਾਰੀ ਮਿਲਦੀ ਹੈ। ਇਹ ਕਿਤਾਬ ਅਜੇ ਵੀ ਖੋਜਕਾਰਾਂ ਲਈ ਇੱਕ ਅਨਮੋਲ ਖਜਾਨਾ ਹੈ।
ਤਰੁੱਟੀਆਂ ਸਮੇਤ ਪ੍ਰਕਾਸ਼ਨ ਤੇ ਵਿਰੋਧ
ਜਥੇਦਾਰ ਗੜਗੱਜ ਨੇ ਦੱਸਿਆ ਕਿ ਬੀਤੇ ਸਮੇਂ ਪੰਜਾਬੀ ਯੂਨੀਵਰਸਿਟੀ ਨੇ ਇਹ ਮਹਾਨਕੋਸ਼ ਤਰੁੱਟੀਆਂ ਸਮੇਤ ਪ੍ਰਕਾਸ਼ਿਤ ਕੀਤਾ ਸੀ, ਜਿਸਦੇ ਖ਼ਿਲਾਫ਼ ਸਿੱਖ ਵਿਦਵਾਨਾਂ ਅਤੇ ਸਿੱਖ ਜਥੇਬੰਦੀਆਂ ਨੇ ਵੱਡਾ ਵਿਰੋਧ ਕੀਤਾ ਸੀ। ਮਾਮਲਾ ਹਾਈ ਕੋਰਟ ਤੱਕ ਪਹੁੰਚਿਆ ਅਤੇ ਪ੍ਰਕਾਸ਼ਨ ’ਤੇ ਰੋਕ ਲੱਗੀ। ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਸਿੱਖ ਸਾਹਿਤ ਦੀ ਸੇਵਾ ਕਰਨਾ ਚਾਹੁੰਦੀ ਸੀ ਤਾਂ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਸੀ, ਨਾ ਕਿ ਸਿੱਖ ਮਰਯਾਦਾ ਦੇ ਉਲਟ ਫੈਸਲਾ ਕਰਨਾ ਚਾਹੀਦਾ ਸੀ।
ਯੂਨੀਵਰਸਿਟੀ ਉੱਤੇ ਗੰਭੀਰ ਇਲਜ਼ਾਮ
ਉਨ੍ਹਾਂ ਕਿਹਾ ਕਿ ਹੁਣ ਪੰਜਾਬੀ ਯੂਨੀਵਰਸਿਟੀ ਨੇ ਆਪਣੀ ਕੀਤੀ ਗਲਤੀ ਉੱਤੇ ਪਰਦਾ ਪਾਉਣ ਲਈ ਨਿੰਦਣਯੋਗ ਤਰੀਕਾ ਅਪਣਾਇਆ ਹੈ, ਜੋ ਕਿ ਸਿੱਖ ਕੌਮ ਲਈ ਅਸਹਿਣਸ਼ੀਲ ਹੈ। ਜਥੇਦਾਰ ਗੜਗੱਜ ਨੇ ਇਲਜ਼ਾਮ ਲਗਾਇਆ ਕਿ ਯੂਨੀਵਰਸਿਟੀ ਪ੍ਰਬੰਧਕਾਂ ਦੀ ਸੋਚ ਅਤੇ ਸਿੱਖ ਵਿਰਾਸਤ ਪ੍ਰਤੀ ਜ਼ਿੰਮੇਵਾਰੀ ਬਹੁਤ ਘੱਟ ਹੈ।
ਲਾਇਬ੍ਰੇਰੀਆਂ ’ਤੇ ਵੀ ਚਿੰਤਾ
ਜਥੇਦਾਰ ਗੜਗੱਜ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਵਿੱਚ ਡਾ. ਗੰਡਾ ਸਿੰਘ ਪੰਜਾਬੀ ਰੈਫਰੈਂਸ ਲਾਇਬਰੇਰੀ ਵਿਚ ਵੀ ਦੁਰਲੱਭ ਸਿੱਖ ਸਾਹਿਤ ਦੀ ਸੰਭਾਲ ’ਤੇ ਸਵਾਲ ਉਠੇ ਸਨ। ਖ਼ਬਰਾਂ ਮਿਲ ਰਹੀਆਂ ਹਨ ਕਿ ਕਈ ਵਿਰਾਸਤੀ ਦਸਤਾਵੇਜ਼ਾਂ ਅਤੇ ਪੁਸਤਕਾਂ ਦੀ ਢੁਕਵੀਂ ਸਾਂਭ ਨਹੀਂ ਹੋ ਰਹੀ, ਇੱਥੋਂ ਤਕ ਕਿ ਕੁਝ ਰੱਦੀ ਵਿੱਚ ਵੇਚ ਦਿੱਤੀਆਂ ਗਈਆਂ। ਉਨ੍ਹਾਂ ਮੰਗ ਕੀਤੀ ਕਿ ਯੂਨੀਵਰਸਿਟੀ ਤੁਰੰਤ ਸਪੱਸ਼ਟ ਕਰੇ ਕਿ ਇਤਿਹਾਸਕ ਹੱਥ-ਲਿਖਤਾਂ ਅਤੇ ਗ੍ਰੰਥਾਂ ਦੀ ਸੰਭਾਲ ਲਈ ਕੀ ਪ੍ਰਬੰਧ ਕੀਤੇ ਗਏ ਹਨ।
ਪੁਲਿਸ ਮਾਮਲਾ ਤੇ ਕਾਰਵਾਈ
ਮਹਾਨਕੋਸ਼ ਦੀ ਬੇਅਦਬੀ ਦੇ ਮਾਮਲੇ ਵਿੱਚ ਸਿੱਖ ਵਿਦਿਆਰਥੀਆਂ ਅਤੇ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਰਜਿਸਟਰਾਰ, ਡੀਨ ਅਕਾਦਮਿਕ ਮਾਮਲੇ ਅਤੇ ਪਬਲੀਕੇਸ਼ਨ ਬਿਊਰੋ ਦੇ ਮੁਖੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਹੁਣ ਪੰਜਾਬ ਪੁਲਿਸ ਨੂੰ ਆਦੇਸ਼ ਦਿੱਤੇ ਗਏ ਹਨ ਕਿ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾ ਮਿਲੇ।
ਸਸਕਾਰ ਸੇਵਾ ਅਤੇ ਅਖੰਡ ਪਾਠ ਦਾ ਆਦੇਸ਼
ਜਥੇਦਾਰ ਗੜਗੱਜ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਪਟਿਆਲਾ ਦੇ ਮੁੱਖ ਗ੍ਰੰਥੀ ਨੂੰ ਆਦੇਸ਼ ਦਿੱਤਾ ਕਿ ਯੂਨੀਵਰਸਿਟੀ ਕੈਂਪਸ ਵਿੱਚ ਮੌਜੂਦ ਮਹਾਨਕੋਸ਼ ਦੀਆਂ ਸਭ ਕਾਪੀਆਂ ਦਾ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਵਿੱਚ ਸਸਕਾਰ ਕੀਤਾ ਜਾਵੇ ਅਤੇ ਇਸ ਦੀ ਰਿਪੋਰਟ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇ। ਇਸਦੇ ਨਾਲ ਹੀ ਯੂਨੀਵਰਸਿਟੀ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਸ਼ੁਰੂ ਕਰਕੇ ਗੁਰੂ ਸਾਹਿਬ ਜੀ ਤੋਂ ਖਿਮਾ ਜਾਚਨਾ ਕਰਨ ਦੇ ਹੁਕਮ ਦਿੱਤੇ ਗਏ ਹਨ।
ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਆਖ਼ਰ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਵਿਦਿਆਰਥੀਆਂ ਅਤੇ ਜਥੇਬੰਦੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ, ਤਾਂ ਜੋ ਇਹ ਮਾਮਲਾ ਸਿੱਖ ਮਰਯਾਦਾ ਅਨੁਸਾਰ ਸੁਲਝਾਇਆ ਜਾ ਸਕੇ।