ਫਾਜ਼ਿਲਕਾ : ਪੰਜਾਬ ‘ਚ ਹਥਿਆਰਾਂ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਪੁਲਸ ਵੱਲੋਂ ਚਲਾਈ ਗਈ ਮੁਹਿੰਮ ਹੇਠ ਅੱਜ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਫਾਜ਼ਿਲਕਾ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਇਕ ਵੱਡੇ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ 5 ਪਿਸਤੌਲ ਅਤੇ 9 ਮੈਗਜ਼ੀਨ ਵੀ ਬਰਾਮਦ ਕੀਤੀਆਂ ਹਨ। ਇਸ ਬਾਰੇ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਗੌਰਵ ਯਾਦਵ ਨੇ ਆਪ ਦਿੱਤੀ ਹੈ।
ਪੁਲਸ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੌਰੀ ਪਿੰਡ ਟਾਹਲੀਵਾਲਾ ਬੋਦਲਾ ਨਿਵਾਸੀ ਅਤੇ ਸੁਰਿੰਦਰ ਸਿੰਘ ਵਾਸੀ ਢਾਣੀ ਕਹਾਣਾ ਰਾਮ ਵਜੋਂ ਹੋਈ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਸਾਰੇ ਹਥਿਆਰ ਪਾਕਿਸਤਾਨ ਤੋਂ ਇਕ ਵਿਦੇਸ਼ੀ ਸੰਸਥਾ ਰਾਹੀਂ ਪੰਜਾਬ ਤਕ ਭੇਜੇ ਗਏ ਸਨ, ਜਿਨ੍ਹਾਂ ਦਾ ਉਦੇਸ਼ ਇਥੇ ਕ੍ਰਿਮਿਨਲ ਗਿਰੋਹਾਂ ਨੂੰ ਮਜ਼ਬੂਤ ਕਰਨਾ ਸੀ। ਇਹ ਹਥਿਆਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਅਪਰਾਧਿਕ ਸਮੂਹਾਂ ਤਕ ਪਹੁੰਚਾਉਣ ਦੀ ਯੋਜਨਾ ਬਣਾਈ ਗਈ ਸੀ।
ਇਸ ਮਾਮਲੇ ਵਿੱਚ ਫਾਜ਼ਿਲਕਾ ਦੇ ਥਾਣਾ ਸਦਰ ਵਿੱਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਨੇ ਕਿਹਾ ਹੈ ਕਿ ਜਾਂਚ ਜਾਰੀ ਹੈ ਅਤੇ ਜਲਦ ਹੀ ਇਸ ਗਿਰੋਹ ਦੇ ਹੋਰ ਮੈਂਬਰਾਂ, ਉਨ੍ਹਾਂ ਦੇ ਪਿੱਛੇ ਦੇ ਮਾਸਟਰਮਾਈਂਡ ਅਤੇ ਪਾਕਿਸਤਾਨੀ ਨੈੱਟਵਰਕ ਨਾਲ ਜੋੜੇ ਸਾਰੇ ਗਠਜੋੜਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਪੁਲਸ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਹੈ ਕਿ ਹਥਿਆਰਾਂ ਦੀ ਤਸਕਰੀ ਦੇ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਤਾਂ ਜੋ ਪੰਜਾਬ ‘ਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਨਾ ਪੈ ਸਕੇ।