ਪਟਿਆਲਾ ਜੇਲ੍ਹ ਵਿੱਚ ਕੈਦ ਭਾਈ ਸੰਦੀਪ ਸਿੰਘ ਸੰਨੀ ਨਾਲ ਹੋਏ ਤਾਜ਼ਾ ਘਟਨਾ-ਚਕਰ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਪ੍ਰਸ਼ਾਸਨ ਦੇ ਵਤੀਰੇ ਨੂੰ ਦੁਖਦਾਈ ਅਤੇ ਬੇਇਨਸਾਫ਼ੀ ਭਰਿਆ ਕਰਾਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਪਟਿਆਲਾ ਜੇਲ੍ਹ ਵਿੱਚ ਹੋਏ ਝਗੜੇ ਦੀ ਨਿਰਪੱਖ ਜਾਂਚ ਕਰਨ ਦੀ ਬਜਾਏ ਜੇਲ੍ਹ ਅਧਿਕਾਰੀਆਂ ਵੱਲੋਂ ਭਾਈ ਸੰਦੀਪ ਸਿੰਘ ਦੀ ਮਾਰਕੁਟਾਈ ਕੀਤੀ ਗਈ ਅਤੇ ਉਸਦੇ ਪਰਿਵਾਰ ਨੂੰ ਵੀ ਉਸ ਨਾਲ ਮਿਲਣ ਤੋਂ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਾ ਸਿਰਫ਼ ਨਿਆਂ ਪ੍ਰਣਾਲੀ ‘ਤੇ ਸਵਾਲ ਖੜ੍ਹਦੀ ਹੈ, ਸਗੋਂ ਕੈਦੀ ਦੇ ਮਾਨਵ ਅਧਿਕਾਰਾਂ ਦੀ ਵੀ ਸਪਸ਼ਟ ਉਲੰਘਣਾ ਹੈ।
ਧਾਮੀ ਨੇ ਦੱਸਿਆ ਕਿ ਅਦਾਲਤ ਵੱਲੋਂ ਸਾਫ਼ ਹੁਕਮ ਹੋਣ ਦੇ ਬਾਵਜੂਦ ਭਾਈ ਸੰਦੀਪ ਸਿੰਘ ਦਾ ਮੈਡੀਕਲ ਚੈਕਅੱਪ ਰਾਜਿੰਦਰਾ ਹਸਪਤਾਲ ਤੋਂ ਨਹੀਂ ਕਰਵਾਇਆ ਗਿਆ। ਇਸ ਤੋਂ ਇਲਾਵਾ, ਉਸ ਨੂੰ ਨਾ ਤਾਂ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਵਕੀਲਾਂ ਨਾਲ ਮੁਲਾਕਾਤ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨ ਦੀ ਬਜਾਏ, ਜੇਲ੍ਹ ਪ੍ਰਸ਼ਾਸਨ ਵੱਲੋਂ ਸੰਦੀਪ ਸਿੰਘ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਤਬਦੀਲ ਕਰਨਾ, ਇੱਕ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਦਿਖਾਈ ਦਿੰਦਾ ਹੈ।
ਐਡਵੋਕੇਟ ਧਾਮੀ ਨੇ ਗੰਭੀਰ ਇਲਜ਼ਾਮ ਲਗਾਇਆ ਕਿ ਭਾਈ ਸੰਦੀਪ ਸਿੰਘ ਦੇ ਖਿਲਾਫ਼ ਕੇਸ ਦਰਜ ਕਰਕੇ ਹਕੀਕਤ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਦੇ ਦੋਸ਼ਾਂ ‘ਚ ਸਜ਼ਾ ਕੱਟ ਰਹੇ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਪੂਰਾ ਮਾਮਲਾ ਪ੍ਰਸ਼ਾਸਨ ਦੀ ਪੱਖਪਾਤੀ ਸੋਚ ਨੂੰ ਬੇਨਕਾਬ ਕਰਦਾ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਭਾਈ ਸੰਦੀਪ ਸਿੰਘ ਦੀ ਜਾਨ ਜਾਂ ਸਿਹਤ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪਹੁੰਚਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਜੇਲ੍ਹ ਪ੍ਰਸ਼ਾਸਨ ਦੀ ਹੋਵੇਗੀ। ਧਾਮੀ ਨੇ ਸਰਕਾਰ ਅਤੇ ਜੇਲ੍ਹ ਅਧਿਕਾਰੀਆਂ ਤੋਂ ਸਖ਼ਤ ਮੰਗ ਕੀਤੀ ਕਿ ਭਾਈ ਸੰਦੀਪ ਸਿੰਘ ਦੇ ਪਰਿਵਾਰ ਅਤੇ ਵਕੀਲਾਂ ਨੂੰ ਤੁਰੰਤ ਉਸ ਨਾਲ ਮਿਲਣ ਦੀ ਆਗਿਆ ਦਿੱਤੀ ਜਾਵੇ, ਤਾਂ ਜੋ ਪਰਿਵਾਰ ਉਸਦੀ ਅਸਲ ਹਾਲਤ ਬਾਰੇ ਜਾਣ ਸਕੇ ਅਤੇ ਮਾਨਵ ਅਧਿਕਾਰਾਂ ਦੀ ਪਾਲਣਾ ਯਕੀਨੀ ਬਣ ਸਕੇ।