ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਪ੍ਰਸਿੱਧ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਰਜ ਕੀਤੀ ਗਈ ਹੈ। ਇਸ ਪਟੀਸ਼ਨ ਨੂੰ ਲਾਇਰਜ਼ ਫਾਰ ਹਿਊਮਨ ਰਾਈਟਸ ਦੇ ਵਕੀਲ ਨਵਕਿਰਨ ਸਿੰਘ ਨੇ ਦਾਇਰ ਕੀਤਾ ਹੈ। ਪਟੀਸ਼ਨ ਵਿੱਚ ਅਵਾਰਾ ਜਾਨਵਰਾਂ ਦੇ ਸੜਕਾਂ ਤੇ ਰੱਖ ਰੱਖਾਅ ਨਾ ਕਰਨ ਦੇ ਕਾਰਨ ਸੜਕ ਹਾਦਸਿਆਂ ਵਿੱਚ ਮੌਤਾਂ ਹੋਣ ਬਾਰੇ ਹਿਮਾਚਲ ਸਰਕਾਰ ਨੂੰ ਲਿਖਤੀ ਚੁਣੌਤੀ ਦਿੱਤੀ ਗਈ ਹੈ।
ਪਟੀਸ਼ਨ ਵਿੱਚ ਲਗਾਏ ਗਏ ਮੁੱਖ ਇਲਜ਼ਾਮ
ਪਟੀਸ਼ਨ ਅਨੁਸਾਰ, ਹਿਮਾਚਲ ਸਰਕਾਰ ਸ਼ਰਾਬ ਅਤੇ ਅਲਕੋਹਲ ਉਤਪਾਦਾਂ ਤੋਂ ਹਰ ਬੋਤਲ ‘ਤੇ ਗਊ ਸੈੱਸ ਵਸੂਲਦੀ ਹੈ। ਪਿਛਲੇ ਸਾਲ ਇਸ ਗਊ ਸੈੱਸ ਤੋਂ 100 ਕਰੋੜ ਰੁਪਏ ਤੋਂ ਵੱਧ ਫੰਡ ਇਕੱਠੇ ਕੀਤੇ ਗਏ, ਪਰ ਇਸ ਦੇ ਬਾਵਜੂਦ ਸੜਕਾਂ ‘ਤੇ ਅਵਾਰਾ ਜਾਨਵਰ ਹਰ ਰੋਜ਼ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਅਤੇ ਲੋਕਾਂ ਦੀਆਂ ਜਾਨਾਂ ਲੈ ਰਹੇ ਹਨ।
ਪਟੀਸ਼ਨਕਾਰਤਾ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ:
- ਸਰਕਾਰ ਇਨ੍ਹਾਂ ਹਾਦਸਿਆਂ ਵਿੱਚ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇ।
- ਪਿਛਲੇ ਤੀਨ ਸਾਲਾਂ ਵਿੱਚ ਇਕੱਠੇ ਕੀਤੇ ਗਏ ਗਊ ਸੈੱਸ ਫੰਡਾਂ ਦੀ ਵਰਤੋਂ ਕਿੱਥੇ ਅਤੇ ਕਿਸ ਉਦੇਸ਼ ਲਈ ਕੀਤੀ ਗਈ, ਇਸ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕੀਤੀ ਜਾਵੇ।
- ਭਵਿੱਖ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਅਤੇ ਸੜਕਾਂ ਤੋਂ ਅਵਾਰਾ ਪਸ਼ੂਆਂ ਨੂੰ ਖਤਮ ਕਰਨ ਲਈ ਸਰਕਾਰ ਕਿਹੜੇ ਕਦਮ ਚੁੱਕ ਰਹੀ ਹੈ, ਇਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ।
ਹਾਲ ਹੀ ਵਿੱਚ ਇਸ ਪਟੀਸ਼ਨ ‘ਤੇ ਸੁਣਵਾਈ ਦੌਰਾਨ ਹਿਮਾਚਲ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਬੈਂਚ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਗਾਇਕ ਰਾਜਵੀਰ ਜਵੰਦਾ ਦੇ ਹਾਦਸੇ ਦੀ ਪਿਛੋਕੜ
ਗਾਇਕ ਰਾਜਵੀਰ ਜਵੰਦਾ 27 ਸਤੰਬਰ ਨੂੰ ਆਪਣੀ ਬਾਈਕ ‘ਤੇ ਸ਼ਿਮਲਾ ਜਾਂਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਵਿੱਚ ਉਹ ਗੰਭੀਰ ਜਖਮੀ ਹੋ ਗਏ, ਜਿਸ ਤੋਂ ਬਾਅਦ ਦੁਪਹਿਰ 1:45 ਵਜੇ ਫੋਰਟਿਸ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਮੁਤਾਬਕ, ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ‘ਤੇ ਭਾਰੀ ਸੱਟਾਂ ਲੱਗੀਆਂ ਸਨ ਅਤੇ ਦਿਲ ਦਾ ਦੌਰਾ ਵੀ ਪਿਆ।
ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਸੀ ਅਤੇ ਉਹ 11 ਦਿਨਾਂ ਤੱਕ ਲਗਾਤਾਰ ਵੈਂਟੀਲੇਟਰ ‘ਤੇ ਰਹੇ। ਹਾਦਸੇ ਅਤੇ ਮੌਤ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਪ੍ਰਸ਼ੰਸਕਾਂ ਵਿੱਚ ਸ਼ੋਕ ਦੀ ਲਹਿਰ ਦੌੜਾ ਦਿੱਤੀ।

