ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਕੱਥੂਨੰਗਲ ਅਧੀਨ ਆਉਂਦੇ ਪਿੰਡ ਝੰਡੇ ਦੇ ਨੇੜੇ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜੀਓ ਪੈਟਰੋਲ ਪੰਪ ਕੋਲ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਪੁੱਤਰ ਗੁਰਭੇਜ ਸਿੰਘ ਵਾਸੀ ਸਾਰਚੂਰ ਵਜੋਂ ਹੋਈ ਹੈ। ਜਸਪਾਲ ਸਿੰਘ ਪੇਸ਼ੇ ਨਾਲ ਗ੍ਰੰਥੀ ਸਿੰਘ ਸਨ ਅਤੇ ਉਹ ਪਿੰਡ ਸੋਹੀਆ ਫਤਿਹਗੜ੍ਹ ਚੂੜੀਆ ਰੋਡ ‘ਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾ ਰਹੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਹਰ ਰੋਜ਼ ਦੀ ਤਰ੍ਹਾਂ ਆਪਣੀ ਡਿਊਟੀ ਵਾਸਤੇ ਗੁਰਦੁਆਰੇ ਜਾ ਰਹੇ ਸਨ। ਜਦੋਂ ਉਹ ਪਿੰਡ ਝੰਡੇ ਦੇ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ। ਟੱਕਰ ਮਾਰਨ ਤੋਂ ਬਾਅਦ ਡਰਾਈਵਰ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
ਹਾਦਸੇ ਦੀ ਸੂਚਨਾ ਮਿਲਣ ਉੱਪਰ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਤੁਰੰਤ ਘਟਨਾ ਸਥਾਨ ‘ਤੇ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਕੱਥੂਨੰਗਲ ਪੁਲਿਸ ਨੂੰ ਬਾਰ-ਬਾਰ ਫੋਨ ਕਰਨ ਦੇ ਬਾਵਜੂਦ ਵੀ ਘਟਨਾ ਸਥਾਨ ‘ਤੇ ਪੁਲਿਸ ਕਰੀਬ ਦੋ ਘੰਟਿਆਂ ਬਾਅਦ ਪਹੁੰਚੀ। ਇਸ ਗੰਭੀਰ ਲਾਪਰਵਾਹੀ ਤੋਂ ਨਾਰਾਜ਼ ਹੋ ਕੇ ਪਰਿਵਾਰਿਕ ਮੈਂਬਰਾਂ ਅਤੇ ਸਥਾਨਕ ਪਿੰਡਵਾਸੀਆਂ ਨੇ ਅੰਮ੍ਰਿਤਸਰ-ਪਠਾਨਕੋਟ ਨੇਸ਼ਨਲ ਹਾਈਵੇਅ ‘ਤੇ ਜਾਮ ਲਗਾ ਦਿੱਤਾ, ਜਿਸ ਨਾਲ ਸੜਕੀ ਆਵਾਜਾਈ ਪ੍ਰਭਾਵਿਤ ਹੋਈ।
ਬਾਅਦ ਵਿੱਚ ਕੱਥੂਨੰਗਲ ਥਾਣੇ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਿਆਂ ਅਤੇ ਕਾਰਵਾਈ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਹੀ ਸੜਕ ਤੋਂ ਜਾਮ ਹਟਾ ਕੇ ਆਵਾਜਾਈ ਬਹਾਲ ਕੀਤੀ ਗਈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਾਈਵੇਅ ‘ਤੇ ਬੇਤਹਾਸਾ ਰਫ਼ਤਾਰ ਨਾਲ ਦੌੜਦੇ ਵਾਹਨ ਕਈ ਵਾਰ ਜਾਨਲੇਵਾ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਪੁਲਿਸ ਵੱਲੋਂ ਹਾਦਸੇ ਦੇ ਜ਼ਿੰਮੇਵਾਰ ਅਣਪਛਾਤੇ ਵਾਹਨ ਦੀ ਤੁਰੰਤ ਪਛਾਣ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।