ਅੱਜ ਸਵੇਰੇ ਤੋਂ ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਪੈ ਰਿਹਾ ਹੈ। ਇਸ ਦੌਰਾਨ ਬਠਿੰਡਾ ਦੇ ਬਹਿਮਣ ਪੁਲ ਕੋਲ ਸਰਹੰਦ ਨਹਿਰ ਵਿੱਚ ਇੱਕ ਕਾਰ ਡਿੱਗ ਗਈ। ਕਾਰ ਵਿੱਚ 11 ਲੋਕ ਸਵਾਰ ਸਨ, ਜਿਨ੍ਹਾਂ ਨੂੰ ਗੱਡੀ ਦੇ ਸ਼ੀਸ਼ੇ ਤੋੜ ਕੇ ਬਾਹਰ ਕੱਢਿਆ ਗਿਆ।ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਰਕਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਕਾਰ ਨਹਿਰ ਵਿੱਚ ਡਿੱਗੀ ਹੈ। ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਰਾਹਗੀਰਾਂ ਦੀ ਮਦਦ ਨਾਲ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਬਾਅਦ ਵਿੱਚ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ।ਸਿਵਲ ਹਸਪਤਾਲ ਦੇ ਡਾਕਟਰ ਹਰਸ਼ਿਤ ਗੋਇਲ ਨੇ ਦੱਸਿਆ ਕਿ ਉਨ੍ਹਾਂ ਕੋਲ 11 ਲੋਕ ਲਿਆਂਦੇ ਗਏ ਹਨ, ਜਿਨ੍ਹਾਂ ਵਿੱਚ 5 ਬੱਚੇ, 3 ਮਹਿਲਾ ਅਤੇ 3 ਪੁਰਸ਼ ਹਨ। ਸਾਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬੱਚਿਆਂ ਤੋਂ ਇਲਾਵਾ ਸਾਰੇ ਲੋਕ ਸੁਰੱਖਿਅਤ ਹਨ।
ਉਧਰ ਮੋਗਾ ਵਿੱਚ ਇੱਕ ਅੰਡਰਪਾਸ ਪਾਣੀ ਨਾਲ ਭਰ ਗਿਆ, ਜਿਸ ਵਿੱਚ ਇੱਕ ਪਰਿਵਾਰ ਦੀ ਕਾਰ ਫਸ ਗਈ। ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਬਚਾ ਲਿਆ ਗਿਆ। ਦੂਜੇ ਪਾਸੇ, ਹਿਮਾਚਲ ‘ਚ ਪੈ ਰਹੀ ਭਾਰੀ ਬਾਰਿਸ਼ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਪ੍ਰਸ਼ਾਸਨ ਨੇ ਅਲਰਟ ਜਾਰੀ ਕਰ ਦਿੱਤਾ ਹੈ।