ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਨਾਲ ਜੁੜੇ ਮਾਮਲੇ ਵਿੱਚ ਇੱਕ ਵੱਡੀ ਕਾਨੂੰਨੀ ਅਪਡੇਟ ਸਾਹਮਣੇ ਆਈ ਹੈ। ਬਿਕਰਮ ਸਿੰਘ ਮਜੀਠੀਆ ਦੀ ਪਤਨੀ ਅਤੇ ਵਿਧਾਇਕਾ ਗਨੀਵ ਕੌਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਦਾਇਰ ਕੀਤੀ ਪਟੀਸ਼ਨ ਉੱਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਗਨੀਵ ਕੌਰ ਵੱਲੋਂ ਦਾਇਰ ਕੀਤੀ ਪਟੀਸ਼ਨ ਵਿੱਚ ਇਹ ਮੰਗ ਕੀਤੀ ਗਈ ਹੈ ਕਿ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਰਜ ਐਫਆਈਆਰ ਦੇ ਅਧਾਰ ‘ਤੇ ਉਨ੍ਹਾਂ ਨੂੰ ਜੋ ਨੋਟਿਸ ਭੇਜਿਆ ਗਿਆ ਹੈ, ਉਸਨੂੰ ਰੱਦ ਕੀਤਾ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਨੋਟਿਸ 10 ਅਗਸਤ ਨੂੰ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਗਨੀਵ ਕੌਰ ਤੋਂ ਕੁਝ ਦਸਤਾਵੇਜ਼ ਪੇਸ਼ ਕਰਨ ਦੀ ਮੰਗ ਕੀਤੀ ਗਈ ਸੀ।
ਦੂਜੇ ਪਾਸੇ, ਪੰਜਾਬ ਸਰਕਾਰ ਨੇ ਆਪਣਾ ਸਪੱਸ਼ਟ ਸਟੈਂਡ ਰੱਖਦਿਆਂ ਕਿਹਾ ਹੈ ਕਿ ਗਨੀਵ ਕੌਰ ਇਸ ਕੇਸ ਵਿੱਚ ਕਿਸੇ ਵੀ ਤੌਰ ‘ਤੇ ਮੁਲਜ਼ਮ ਨਹੀਂ ਹਨ, ਸਗੋਂ ਉਨ੍ਹਾਂ ਨੂੰ ਬਤੌਰ ਗਵਾਹ ਨੋਟਿਸ ਭੇਜਿਆ ਗਿਆ ਹੈ। ਇਸ ਸਬੰਧੀ ਹੁਣ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵਿਸਥਾਰ ਵਿੱਚ ਜਵਾਬ ਪੇਸ਼ ਕਰਨ ਲਈ ਕਿਹਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ, ਗਨੀਵ ਕੌਰ ਦੀ ਪਟੀਸ਼ਨ ਉੱਤੇ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ। ਉਸ ਦਿਨ ਹਾਈਕੋਰਟ ਵੱਲੋਂ ਸਰਕਾਰ ਦੇ ਜਵਾਬ ਨੂੰ ਵੀ ਰਿਕਾਰਡ ‘ਤੇ ਲਿਆ ਜਾਵੇਗਾ।
ਯਾਦ ਰਹੇ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਵੇਲੇ ਉਹ ਨਾਭਾ ਦੀ ਨਵੀਂ ਜੇਲ੍ਹ ਵਿੱਚ ਨਿਆਈਕ ਹਿਰਾਸਤ ‘ਚ ਬੰਦ ਹਨ।