ਪੰਜਾਬ ਵਿੱਚ ਹਾਲੀਆ ਹੜ੍ਹਾਂ ਕਾਰਨ ਵਿਆਪਕ ਤਬਾਹੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਰਾਜ ਨੂੰ ਵਾਧੂ ਫੰਡ ਜਾਰੀ ਕੀਤੇ ਹਨ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਗ੍ਰਹਿ ਮੰਤਰਾਲੇ ਦੀ ਸਿਫਾਰਸ਼ ’ਤੇ ਕੇਂਦਰ ਨੇ ਪੰਜਾਬ ਨੂੰ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਹੇਠ 240.80 ਕਰੋੜ ਰੁਪਏ ਅਤੇ ਹਿਮਾਚਲ ਪ੍ਰਦੇਸ਼ ਨੂੰ 198 ਕਰੋੜ ਰੁਪਏ ਜਾਰੀ ਕੀਤੇ ਹਨ।
ਪਹਿਲਾਂ ਹੀ 1600 ਕਰੋੜ ਮਿਲ ਚੁੱਕੇ
ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 1600 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਹੁਣ ਵਾਧੂ ਰਕਮ ਜਾਰੀ ਕਰਕੇ ਇੱਕ ਵਾਰ ਫਿਰ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਮੋਦੀ ਸਰਕਾਰ ਹਰ ਸੰਕਟ ਦੇ ਸਮੇਂ ਪੰਜਾਬ ਦੇ ਲੋਕਾਂ ਨਾਲ ਖੜੀ ਹੈ। ਰਵਨੀਤ ਬਿੱਟੂ ਨੇ ਫੇਸਬੁੱਕ ਪੋਸਟ ਰਾਹੀਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ।
ਤੁਰੰਤ ਵਰਤੋਂ ਲਈ RBI ਨੂੰ ਨਿਰਦੇਸ਼
ਗ੍ਰਹਿ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਇਹ ਰਕਮ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਜਾਰੀ ਕੀਤੀ ਗਈ ਹੈ। ਇਸ ਸੰਬੰਧ ਵਿੱਚ ਭਾਰਤੀ ਰਿਜ਼ਰਵ ਬੈਂਕ (RBI) ਨੂੰ ਤੁਰੰਤ ਸਬੰਧਤ ਰਾਜ ਸਰਕਾਰਾਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਫੰਡਾਂ ਦੀ ਵਰਤੋਂ ਵਿੱਚ ਕੋਈ ਦੇਰੀ ਨਾ ਹੋਵੇ।
ਹੜ੍ਹਾਂ ਨਾਲ ਵਿਆਪਕ ਤਬਾਹੀ
ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਮੀਂਹਬਾਰੀ ਨੇ ਪੰਜਾਬ ਅਤੇ ਹਿਮਾਚਲ ਦੋਵਾਂ ਰਾਜਾਂ ਵਿੱਚ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਪੰਜਾਬ ਵਿੱਚ ਲਗਭਗ 4 ਲੱਖ ਏਕੜ ਜ਼ਮੀਨ ਪਾਣੀ ਹੇਠ ਆ ਗਈ ਹੈ, ਜਿਸ ਨਾਲ ਖੇਤੀਬਾੜੀ ਨੂੰ ਭਾਰੀ ਨੁਕਸਾਨ ਹੋਇਆ ਹੈ। ਕਈ ਪਿੰਡ ਅਜੇ ਵੀ ਰਾਜ ਦੇ ਹੋਰ ਹਿੱਸਿਆਂ ਤੋਂ ਪੂਰੀ ਤਰ੍ਹਾਂ ਕੱਟੇ ਹੋਏ ਹਨ, ਜਿੱਥੇ ਸਿਰਫ਼ ਕਿਸ਼ਤੀਆਂ ਰਾਹੀਂ ਹੀ ਪਹੁੰਚ ਸੰਭਵ ਹੈ।
ਕੇਂਦਰ ਵੱਲੋਂ ਭਰੋਸਾ
ਕੇਂਦਰ ਸਰਕਾਰ ਨੇ ਯਕੀਨ ਦਵਾਇਆ ਹੈ ਕਿ ਜੇਕਰ ਲੋੜ ਪਈ ਤਾਂ ਪ੍ਰਭਾਵਿਤ ਰਾਜਾਂ ਨੂੰ ਵਾਧੂ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਸਰਕਾਰ ਦਾ ਕਹਿਣਾ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਤੱਕ ਰਾਹਤ ਸਮੱਗਰੀ ਸਮੇਂ ਸਿਰ ਪਹੁੰਚਾਈ ਜਾਵੇਗੀ ਅਤੇ ਪੁਨਰਵਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।