ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਤਾਲ ਤੋਂ ਛੁੱਟੀ ਮਿਲਣ ਦੇ ਤੁਰੰਤ ਬਾਅਦ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸੰਕਟਮਈ ਸਥਿਤੀ ਨੂੰ ਨਿਭਾਉਣ ਲਈ ਸਰਗਰਮ ਹੋ ਗਏ ਹਨ। ਉਹ ਭਲਕੇ 12 ਸਤੰਬਰ ਨੂੰ ਆਪਣੀ ਰਿਹਾਇਸ਼ ਵਿਖੇ ਉੱਚ ਪੱਧਰੀ ਮੀਟਿੰਗ ਕਰਨ ਜਾ ਰਹੇ ਹਨ, ਜਿਸ ਵਿੱਚ ਹੜ੍ਹ ਪੀੜਤਾਂ ਦੀ ਰਾਹਤ, ਬਚਾਅ ਤੇ ਮੁੜ ਵਸੇਬੇ ਲਈ ਹੋਰ ਮਜ਼ਬੂਤ ਰਣਨੀਤੀ ਤਿਆਰ ਕੀਤੀ ਜਾਵੇਗੀ।
ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਜੁੜਣਗੇ, ਜਦਕਿ ਵੱਖ-ਵੱਖ ਵਿਭਾਗਾਂ ਦੇ ਸਕੱਤਰ ਅਤੇ ਮੁੱਖ ਸਕੱਤਰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਨਿੱਜੀ ਤੌਰ ’ਤੇ ਹਾਜ਼ਰ ਰਹਿਣਗੇ। ਚਰਚਾ ਦੌਰਾਨ ਡਾਕਟਰੀ ਸਹੂਲਤਾਂ, ਪ੍ਰਭਾਵਿਤ ਲੋਕਾਂ ਨੂੰ ਮਿਲਣ ਵਾਲੇ ਮੁਆਵਜ਼ੇ, ਸੁਰੱਖਿਅਤ ਸਥਾਨਾਂ ਵੱਲ ਤਬਦੀਲੀ ਅਤੇ ਮੁੜ ਵਸੇਬੇ ਦੇ ਠੋਸ ਉਪਰਾਲਿਆਂ ’ਤੇ ਵਿਸਤਾਰ ਨਾਲ ਗੱਲਬਾਤ ਹੋਵੇਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤੀ ਆਫ਼ਤ ਨੇ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਤਬਾਹੀ ਮਚਾਈ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਰਾਹਤ ਅਤੇ ਬਚਾਅ ਲਈ ਕਈ ਕਦਮ ਚੁੱਕ ਲਏ ਹਨ ਪਰ ਹੁਣ ਇਹ ਲੋੜ ਹੈ ਕਿ ਹੋਰ ਤੇਜ਼ੀ ਅਤੇ ਤਾਲਮੇਲ ਨਾਲ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲ ਹੋਣ ਦੇ ਦੌਰਾਨ ਵੀ ਉਹ ਹੜ੍ਹਾਂ ਕਾਰਨ ਬਣੇ ਹਾਲਾਤਾਂ ਦੀ ਨਿਗਰਾਨੀ ਕਰ ਰਹੇ ਸਨ ਅਤੇ ਅਧਿਕਾਰੀਆਂ ਨੂੰ ਲੋਕਾਂ ਦੀ ਜਾਨ ਬਚਾਉਣ, ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਅਤੇ ਰਾਹਤ ਪਹੁੰਚਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਸਨ।
ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਸਰਕਾਰ ਹਰ ਹਾਲਤ ਵਿੱਚ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਕੋਈ ਵੀ ਪਰਿਵਾਰ ਬੇਸਹਾਰਾ ਨਹੀਂ ਛੱਡਿਆ ਜਾਵੇਗਾ। ਉਹਨਾਂ ਨੇ ਸਾਰੇ ਵਿਭਾਗਾਂ ਨੂੰ ਕੜੇ ਸ਼ਬਦਾਂ ਵਿੱਚ ਨਿਰਦੇਸ਼ ਦਿੱਤੇ ਹਨ ਕਿ ਤਾਲਮੇਲ ਨਾਲ ਕੰਮ ਕਰਕੇ ਜ਼ਰੂਰਤਮੰਦ ਲੋਕਾਂ ਤੱਕ ਵੱਧ ਤੋਂ ਵੱਧ ਸਹਾਇਤਾ ਪਹੁੰਚਾਈ ਜਾਵੇ।
ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਮੰਤਵ ਸਿਰਫ਼ ਲੋਕਾਂ ਨੂੰ ਹੜ੍ਹ ਦੇ ਤੁਰੰਤ ਪ੍ਰਭਾਵ ਤੋਂ ਬਚਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਦੁਬਾਰਾ ਸੁਰੱਖਿਅਤ ਤੇ ਆਰਥਿਕ ਤੌਰ ’ਤੇ ਖੜ੍ਹਾ ਕਰਨਾ ਹੈ। ਇਸ ਲਈ ਮੁੜ ਵਸੇਬੇ ਅਤੇ ਰੋਜ਼ਗਾਰ ਮੁਹੱਈਆ ਕਰਨ ਤੱਕ ਦੀ ਵਿਸਥਾਰਿਕ ਯੋਜਨਾ ਵੀ ਬਣਾਈ ਜਾ ਰਹੀ ਹੈ।