ਸ੍ਰੀ ਮੁਕਤਸਰ ਸਾਹਿਬ : ਝੋਨੇ ਦੀ ਖਰੀਦ ਮੌਸਮ ਨੂੰ ਲੈ ਕੇ ਸਰਕਾਰ ਵੱਲੋਂ ਪੂਰੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਥਾਨਕ ਮਾਰਕਿਟ ਕਮੇਟੀ ਦਫ਼ਤਰ ਵਿੱਚ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਨੇ ਸਪੱਸ਼ਟ ਹੁਕਮ ਦਿੱਤੇ ਕਿ ਸ਼ੀਜਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਲਈ ਪੂਰੀ ਸਹੂਲਤਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ ਅਤੇ ਛਾਂ ਦਾ ਪ੍ਰਬੰਧ, ਨਾਲ ਹੀ ਹੋਰ ਜ਼ਰੂਰੀ ਸਹੂਲਤਾਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ ਵੀ ਹਾਜ਼ਰ ਸਨ। ਕਾਕਾ ਬਰਾੜ ਨੇ ਡੀਐਫਐਸਸੀ ਹਿਮਾਂਸ਼ੂ ਕੱਕੜ ਨੂੰ ਹਦਾਇਤ ਕੀਤੀ ਕਿ ਮੰਡੀ ’ਚ ਨਮੀ ਦੀ ਜਾਂਚ ਸਿਰਫ਼ ਉਹੀ ਮੀਟਰ ਨਾਲ ਕੀਤੀ ਜਾਵੇ ਜੋ ਮਾਰਕਿਟ ਕਮੇਟੀ ਵੱਲੋਂ ਪ੍ਰਮਾਣਿਤ ਹੈ, ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਝੱਲਣਾ ਪਵੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਸੁੱਕਾ ਕੇ ਹੀ ਮੰਡੀ ਵਿੱਚ ਲੈ ਕੇ ਆਉਣ, ਜਿਸ ਨਾਲ ਨਾ ਸਿਰਫ਼ ਸਮਾਂ ਬਚੇਗਾ ਬਲਕਿ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਵੀ ਨਹੀਂ ਕਰਨਾ ਪਵੇਗਾ।
ਇਸ ਮੀਟਿੰਗ ਵਿੱਚ ਕਈ ਅਧਿਕਾਰੀ ਤੇ ਸੰਸਥਾਵਾਂ ਦੇ ਪ੍ਰਤੀਨਿਧੀ ਵੀ ਮੌਜੂਦ ਰਹੇ, ਜਿਵੇਂ ਕਿ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ, ਡੀਐਮ ਮਾਰਕਫੈਡ ਸੁਨੀਲ ਸੋਫਟ, ਏਐਫਐਸਓ ਗੁਰਤਾਰ ਸਿੰਘ ਬੁੱਟਰ, ਇੰਸਪੈਕਟਰ ਸਿ਼ਵਦੀਪ ਬਰਾੜ, ਸੁਨੀਲ ਕੁਮਾਰ, ਕੁਲਦੀਪ ਸਿੰਘ ਗਿੱਲ, ਜਸਵਿੰਦਰ ਸਿੰਘ ਬਰਾੜ, ਹਰਮੀਤ ਸਿੰਘ ਜੋੜਾ, ਅਤੇ ਮਾਰਕਿਟ ਕਮੇਟੀ ਦੇ ਗੁਰਵਿੰਦਰ ਸਿੰਘ ਤੇ ਦੀਪਕ ਗਿਰਧਰ ਆਦਿ।
ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਾਫ਼ ਹੈ — ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਮਿਲੇ ਅਤੇ ਖਰੀਦ ਪ੍ਰਕਿਰਿਆ ਪਾਰਦਰਸ਼ੀ ਅਤੇ ਬਿਨਾ ਰੁਕਾਵਟਾਂ ਦੇ ਪੂਰੀ ਹੋਵੇ।