ਫਤਿਹਗੜ੍ਹ ਸਾਹਿਬ : ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਬਾਰਿਸ਼ ਕਾਰਨ ਬਣੀ ਹੜ੍ਹ ਦੀ ਭਿਆਨਕ ਸਥਿਤੀ ਵਿੱਚ ਜਿੱਥੇ ਲੋਕਾਂ ਨੂੰ ਵੱਡੇ ਪੱਧਰ ’ਤੇ ਜਾਨੀ ਤੇ ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਗੁਰੂ ਘਰਾਂ ਵਿੱਚ ਰੱਬੀ ਅਰਦਾਸਾਂ ਰਾਹੀਂ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਘਟਾਉਣ ਲਈ ਸਰਬੱਤ ਦੇ ਭਲੇ ਦੀ ਬੇਨਤੀ ਕੀਤੀ ਜਾ ਰਹੀ ਹੈ। ਇਸੇ ਕੜੀ ਦੇ ਤਹਿਤ ਅੱਜ ਸ਼ਹੀਦਾਂ ਦੀ ਧਰਤੀ ਤੇ ਸਥਿਤ ਪਵਿੱਤਰ ਧਾਮ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸੰਗਤ ਵੱਡੀ ਗਿਣਤੀ ਵਿੱਚ ਇਕੱਤਰ ਹੋਈ।
ਇਸ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ ਅਤੇ ਅਰਦਾਸ ਕੀਤੀ ਗਈ ਕਿ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਆਈ ਕੁਦਰਤੀ ਆਫ਼ਤ ਜਲਦ ਟਲੇ ਅਤੇ ਹੜ੍ਹ ਪੀੜਤ ਲੋਕਾਂ ਨੂੰ ਹਿੰਮਤ ਤੇ ਤਾਕਤ ਮਿਲੇ। ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਦਾ ਰਸ ਭਰਿਆ ਕੀਰਤਨ ਕੀਤਾ ਗਿਆ, ਜਿਸ ਨਾਲ ਪੂਰਾ ਦਰਬਾਰ ਗੁਰਮੱਤਿ ਸੰਗੀਤ ਨਾਲ ਗੂੰਜ ਉੱਠਿਆ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਮੂਹ ਸਟਾਫ ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ ਆਪਣੇ ਇੱਕ ਦਿਨ ਦੀ ਤਨਖਾਹ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਦਾਨ ਕਰਨ ਦਾ ਐਲਾਨ ਕੀਤਾ। ਇਸੇ ਤਰ੍ਹਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਰੀਆ ਵੱਲੋਂ ਵੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ 5100 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ।
ਗੁਰਦੁਆਰਾ ਸਾਹਿਬ ਦੇ ਕਥਾਵਾਚਕ ਭਾਈ ਸਤਨਾਮ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਦਕਿ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਵੱਲੋਂ ਲਿਆ ਗਿਆ।
ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਸਾਹਿਬ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਰੀਆ ਨੇ ਸੰਗਤ ਨੂੰ ਸੰਬੋਧਨ ਕਰਦੇ ਕਿਹਾ ਕਿ ਅੱਜ ਦੀ ਇਹ ਅਰਦਾਸ ਸਿਰਫ਼ ਰਸਮੀ ਕਰਮਕਾਂਡ ਨਹੀਂ, ਸਗੋਂ ਇਕ ਸਮਾਜਿਕ ਜ਼ਿੰਮੇਵਾਰੀ ਹੈ ਜੋ ਸਾਨੂੰ ਹੜ੍ਹ ਨਾਲ ਪੀੜਤ ਲੋਕਾਂ ਦੀ ਮਦਦ ਲਈ ਪ੍ਰੇਰਿਤ ਕਰਦੀ ਹੈ। ਉਹਨਾਂ ਕਿਹਾ ਕਿ ਗੁਰਦੁਆਰੇ ਸਿਰਫ਼ ਧਾਰਮਿਕ ਅਸਥਾਨ ਨਹੀਂ, ਸਗੋਂ ਮਨੁੱਖਤਾ ਦੇ ਭਲੇ ਲਈ ਸਦਾ ਹੀ ਅੱਗੇ ਰਹਿੰਦੇ ਹਨ।
ਉਹਨਾਂ ਨੇ ਅਪੀਲ ਕੀਤੀ ਕਿ ਹਰ ਕੋਈ ਆਪਣੀ ਸਮਰੱਥਾ ਅਨੁਸਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਅੱਗੇ ਆਵੇ ਤਾਂ ਜੋ ਜੋ ਲੋਕ ਇਸ ਸਮੇਂ ਮੁਸ਼ਕਲਾਂ ਵਿੱਚ ਘਿਰੇ ਹੋਏ ਹਨ, ਉਹਨਾਂ ਨੂੰ ਨਵੀਂ ਉਮੀਦ ਤੇ ਜੀਵਨ ਬਿਤਾਉਣ ਦੀ ਹਿੰਮਤ ਮਿਲ ਸਕੇ।