ਚੰਡੀਗੜ੍ਹ : ਯੂਟੀ ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਨੇ ਲੋਕਾਂ ਦੀ ਜ਼ਿੰਦਗੀ ਠੱਪ ਕਰ ਕੇ ਰੱਖ ਦਿੱਤੀ ਹੈ। ਮੰਗਲਵਾਰ ਰਾਤ ਤੋਂ ਬੁੱਧਵਾਰ ਸਵੇਰ ਤੱਕ ਹੋਈ ਮੀਂਹ ਦੀ ਲੜੀ ਨੇ ਸੁਖ਼ਨਾ ਝੀਲ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਾ ਦਿੱਤਾ। ਹਾਲਾਤ ਗੰਭੀਰ ਹੋਣ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਬੁੱਧਵਾਰ ਸਵੇਰੇ 7 ਵਜੇ ਸੁਖ਼ਨਾ ਝੀਲ ਦੇ ਫਲੱਡ ਗੇਟ ਖੋਲ੍ਹਣ ਦਾ ਫ਼ੈਸਲਾ ਲਿਆ। ਇਸ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਣੀ ਇਕੱਠਾ ਹੋ ਗਿਆ ਹੈ ਅਤੇ ਟ੍ਰੈਫ਼ਿਕ ਪ੍ਰਣਾਲੀ ਪ੍ਰਭਾਵਿਤ ਹੋ ਰਹੀ ਹੈ।
ਬਾਪੂਧਾਮ ਦਾ ਪੁਲ ਬੰਦ, ਬਦਲਵੇਂ ਰਸਤੇ ‘ਤੇ ਜਾਣ ਦੀ ਸਲਾਹ
ਫਲੱਡ ਗੇਟ ਖੋਲ੍ਹਣ ਤੋਂ ਬਾਅਦ ਸੈਕਟਰ-26, ਬਾਪੂਧਾਮ ਵੱਲ ਜਾਣ ਵਾਲਾ ਪੁਲ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਰਸਤੇ ਦੀ ਵਰਤੋਂ ਨਾ ਕਰਨ ਅਤੇ ਬਦਲਵੇਂ ਰਸਤੇ ਆਪਣੀ ਯਾਤਰਾ ਜਾਰੀ ਰੱਖਣ। ਟ੍ਰੈਫ਼ਿਕ ਪੁਲਸ ਵੱਲੋਂ ਵੀ ਲੋਕਾਂ ਨੂੰ ਰਾਹ-ਦਰਸਾਇਆ ਜਾ ਰਿਹਾ ਹੈ ਤਾਂ ਜੋ ਕਿਸੇ ਵੱਡੇ ਹਾਦਸੇ ਤੋਂ ਬਚਿਆ ਜਾ ਸਕੇ।
ਸਕੂਲਾਂ ਨੂੰ ਬੰਦ ਕਰਨ ਦੇ ਹੁਕਮ
ਲਗਾਤਾਰ ਮੀਂਹ ਨਾਲ ਬਣੇ ਹਾਲਾਤਾਂ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਨਿਸ਼ਾਤ ਕੁਮਾਰ ਯਾਦਵ ਨੇ ਐਲਾਨ ਕੀਤਾ ਹੈ ਕਿ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਪ੍ਰਾਥਮਿਕਤਾ ਦੇਂਦੇ ਹੋਏ 3 ਸਤੰਬਰ ਨੂੰ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਫ਼ੈਸਲੇ ਨਾਲ ਮਾਪਿਆਂ ਅਤੇ ਬੱਚਿਆਂ ਨੂੰ ਕੁਝ ਰਾਹਤ ਮਿਲੇਗੀ ਕਿਉਂਕਿ ਮੀਂਹ ਦੇ ਦੌਰਾਨ ਸਕੂਲ ਜਾਣ ਵਿੱਚ ਕਈ ਮੁਸ਼ਕਲਾਂ ਆ ਰਹੀਆਂ ਸਨ।
ਪਾਣੀ ਵਾਲੇ ਖੇਤਰਾਂ ਵਿੱਚ ਪ੍ਰਵੇਸ਼ ‘ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਨਵੇਂ ਹੁਕਮ ਜਾਰੀ ਕਰਦੇ ਹੋਏ ਨਗਰ ਵਾਸੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਨਦੀ, ਝੀਲ, ਤਾਲਾਬ ਅਤੇ ਹੋਰ ਪਾਣੀ ਦੇ ਸਰੋਤਾਂ ਵਿੱਚ ਜਾਣ ਤੋਂ ਗੁਰੇਜ਼ ਕਰਨ। ਖਾਸ ਤੌਰ ‘ਤੇ ਪਟਿਆਲਾ ਕੀ ਰਾਓ, ਸੁਖਨਾ ਚੋਅ ਅਤੇ ਹੋਰ ਨੀਵੀਆਂ ਥਾਵਾਂ ‘ਤੇ ਲੋਕਾਂ ਦੇ ਜਾਣ ‘ਤੇ 31 ਅਕਤੂਬਰ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਅਰਸੇ ਦੌਰਾਨ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਵੀ ਪਾਣੀ ਵਾਲੀਆਂ ਥਾਵਾਂ ਵਿੱਚ ਲੈ ਜਾਣ, ਮੱਛੀਆਂ ਫੜਨ ਜਾਂ ਤੈਰਾਕੀ ਕਰਨ ‘ਤੇ ਪੂਰੀ ਤਰ੍ਹਾਂ ਰੋਕ ਰਹੇਗੀ।
ਹੁਕਮਾਂ ਦੀ ਉਲੰਘਣਾ ਕਰਨ ‘ਤੇ ਕਾਰਵਾਈ
ਪ੍ਰਸ਼ਾਸਨ ਨੇ ਸਾਫ਼ ਕਰ ਦਿੱਤਾ ਹੈ ਕਿ ਜੇ ਕੋਈ ਵਿਅਕਤੀ ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਇਹ ਪਾਬੰਦੀਆਂ ਡਿਜ਼ਾਸਟਰ ਮੈਨੇਜਮੈਂਟ ਟੀਮਾਂ, ਪੁਲਸ, ਫ਼ੌਜ ਅਤੇ ਬਚਾਅ ਕਾਰਜਾਂ ਵਿੱਚ ਜੁੱਟੇ ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਣਗੀਆਂ।
ਲੋਕਾਂ ਨੂੰ ਅਪੀਲ
ਚੰਡੀਗੜ੍ਹ ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ ਅਤੇ ਪਾਣੀ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਲਈ ਕਿਹਾ ਹੈ। ਨਾਲ ਹੀ, ਅਧਿਕਾਰੀਆਂ ਨੇ ਲੋਕਾਂ ਨੂੰ ਭਰੋਸਾ ਦਵਾਇਆ ਹੈ ਕਿ ਹਾਲਾਤਾਂ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਐਮਰਜੈਂਸੀ ਵਿੱਚ ਰੈਸਕਿਊ ਟੀਮਾਂ ਤੁਰੰਤ ਕਾਰਵਾਈ ਕਰਨ ਲਈ ਤਿਆਰ ਹਨ।