ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਸ਼ੁੱਕਰਵਾਰ ਦੀ ਰਾਤ ਵਾਪਰੇ ਭਿਆਨਕ ਹਾਦਸੇ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਦਰਅਸਲ, ਸਬਜ਼ੀ ਨਾਲ ਭਰੇ ਇੱਕ ਪਿਕਅੱਪ ਵਾਹਨ ਅਤੇ ਐਲਪੀਜੀ (LPG) ਗੈਸ ਨਾਲ ਭਰੇ ਟੈਂਕਰ ਵਿਚਕਾਰ ਹੋਈ ਟੱਕਰ ਤੋਂ ਬਾਅਦ ਟੈਂਕਰ ਵਿੱਚ ਧਮਾਕਾ ਹੋ ਗਿਆ। ਧਮਾਕੇ ਦੀ ਤਾਕਤ ਇੰਨੀ ਜ਼ਿਆਦਾ ਸੀ ਕਿ ਅੱਗ ਦੇ ਸ਼ੋਲਿਆਂ ਨੇ ਪਲਕ ਝਪਕਦੇ ਹੀ ਆਲੇ-ਦੁਆਲੇ ਦੇ ਘਰਾਂ ਤੇ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਵੇਖਦੇ ਹੀ ਵੇਖਦੇ 15 ਦੁਕਾਨਾਂ ਅਤੇ 4 ਘਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ।
ਇਸ ਦੌਰਾਨ, ਮੌਕੇ ‘ਤੇ ਮੌਜੂਦ ਲੋਕਾਂ ਵਿੱਚ ਭਾਰੀ ਭਗਦੜ ਮਚ ਗਈ। ਲੋਕ ਆਪਣੀਆਂ ਜਾਨਾਂ ਬਚਾਉਣ ਲਈ ਘਰਾਂ ਤੋਂ ਬਾਹਰ ਨਿਕਲ ਕੇ ਖੇਤਾਂ ਅਤੇ ਖੁੱਲ੍ਹੇ ਮੈਦਾਨਾਂ ਵੱਲ ਦੌੜ ਪਏ। ਸਥਿਤੀ ਇੰਨੀ ਗੰਭੀਰ ਸੀ ਕਿ ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ। ਰਾਹਤ ਅਤੇ ਬਚਾਅ ਟੀਮਾਂ ਨੇ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ਨੂੰ ਕਾਬੂ ਕੀਤਾ। ਹਾਦਸੇ ਵਿੱਚ 3 ਲੋਕਾਂ ਦੀ ਜਾਨ ਚਲੀ ਗਈ, ਜਦਕਿ ਕਈ ਹੋਰ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੰਡਿਆਲਾਂ ਪਿੰਡ ਵਿੱਚ ਵਾਪਰੇ ਇਸ ਹਾਦਸੇ ਨੇ ਸਭ ਦੇ ਦਿਲਾਂ ਨੂੰ ਝੰਝੋੜ ਦਿੱਤਾ ਹੈ। ਮਾਨ ਨੇ ਐਲਾਨ ਕੀਤਾ ਕਿ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਰਾਜ ਸਰਕਾਰ ਵੱਲੋਂ 2-2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਜ਼ਖ਼ਮੀਆਂ ਦਾ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਵਾਧੂ ਆਰਥਿਕ ਬੋਝ ਨਾ ਝੱਲਣਾ ਪਵੇ।
ਮੁੱਖ ਮੰਤਰੀ ਨੇ ਕਿਹਾ, “ਪਰਮਾਤਮਾ ਅੱਗੇ ਅਰਦਾਸ ਹੈ ਕਿ ਜਾਨ ਗੁਆਉਣ ਵਾਲਿਆਂ ਦੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ੇ ਅਤੇ ਜ਼ਖ਼ਮੀਆਂ ਨੂੰ ਜਲਦ ਤੰਦਰੁਸਤੀ ਪ੍ਰਾਪਤ ਹੋਵੇ। ਸਰਕਾਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।”
ਸਥਾਨਕ ਲੋਕਾਂ ਦੇ ਅਨੁਸਾਰ ਧਮਾਕੇ ਦੀ ਆਵਾਜ਼ ਕਈ ਕਿਲੋਮੀਟਰ ਦੂਰ ਤੱਕ ਸੁਣੀ ਗਈ। ਧਮਾਕੇ ਤੋਂ ਬਾਅਦ ਸੜਕ ਦੇ ਦੋਵੇਂ ਪਾਸੇ ਲੰਮਾ ਜਾਮ ਲੱਗ ਗਿਆ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਧਮਾਕਾ ਦਿਨ ਦੇ ਸਮੇਂ ਵਾਪਰਦਾ ਤਾਂ ਜਾਨੀ ਨੁਕਸਾਨ ਕਾਫੀ ਵੱਡਾ ਹੋ ਸਕਦਾ ਸੀ।
ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਆਖ਼ਰ LPG ਟੈਂਕਰ ਵਿੱਚ ਇੰਨਾ ਵੱਡਾ ਧਮਾਕਾ ਕਿਵੇਂ ਹੋਇਆ। ਫ਼ਿਲਹਾਲ, ਇਲਾਕੇ ਵਿੱਚ ਸੋਗ ਦਾ ਮਾਹੌਲ ਹੈ ਅਤੇ ਲੋਕ ਅਜੇ ਵੀ ਇਸ ਦਹਿਸ਼ਤ ਭਰੇ ਮੰਜ਼ਰ ਨੂੰ ਯਾਦ ਕਰ ਕੇ ਕੰਬ ਰਹੇ ਹਨ।