ਜਲੰਧਰ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਪ੍ਰਵਾਸੀ ਵਿਅਕਤੀ ਨੇ ਮਾਸੂਮ ਕੁੜੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਜਲੰਧਰ ਦੇ ਸੋਢਲ ਇਲਾਕੇ ਦੇ ਪ੍ਰੀਤ ਨਗਰ ਵਿੱਚ ਵਾਪਰੀ। ਸਥਾਨਕ ਲੋਕਾਂ ਨੇ ਦੱਸਿਆ ਕਿ ਉਹਨਾਂ ਨੇ ਉਸ ਵਿਅਕਤੀ ਨੂੰ 4 ਸਾਲ ਦੀ ਬੱਚੀ ਨੂੰ ਲੈ ਕੇ ਭੱਜਣ ਦੀ ਕੋਸ਼ਿਸ਼ ਕਰਦਿਆਂ ਫੜਿਆ। ਬੱਚੀ ਸਕੂਲ ਤੋਂ ਘਰ ਵਾਪਸ ਆ ਰਹੀ ਸੀ, ਇਸ ਦੌਰਾਨ ਪ੍ਰਵਾਸੀ ਨੇ ਉਸਨੂੰ ਜ਼ਬਰਦਸਤੀ ਲਿਜਾਣ ਦੀ ਕੋਸ਼ਿਸ਼ ਕੀਤੀ।
ਜਦੋਂ ਲੋਕਾਂ ਨੂੰ ਸਾਰੀ ਘਟਨਾ ਦਾ ਪਤਾ ਲੱਗਾ, ਤਾਂ ਉਹਨਾਂ ਨੇ ਤੁਰੰਤ ਦੌੜ ਕੇ ਪ੍ਰਵਾਸੀ ਨੂੰ ਫੜ ਲਿਆ। ਗੁੱਸੇ ਵਿੱਚ ਆਏ ਲੋਕਾਂ ਨੇ ਉਸਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ ਅਤੇ ਚੱਪਲਾਂ ਨਾਲ ਛਿੱਤਰ-ਪਰੇਡ ਕਰਾਈ। ਮੌਕੇ ’ਤੇ ਵੱਡੀ ਗਿਣਤੀ ਵਿੱਚ ਭੀੜ ਇਕੱਠੀ ਹੋ ਗਈ ਅਤੇ ਸਾਰੇ ਲੋਕ ਉਸ ਦੇ ਖ਼ਿਲਾਫ਼ ਨਾਰੇਬਾਜ਼ੀ ਕਰਨ ਲੱਗ ਪਏ।
ਇਸ ਦੌਰਾਨ ਲੋਕਾਂ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ। ਜਾਣਕਾਰੀ ਮਿਲਦੇ ਹੀ ਜਲੰਧਰ ਡਿਵੀਜ਼ਨ ਨੰਬਰ-8 ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਕਾਬੂ ਕੀਤੇ ਗਏ ਪ੍ਰਵਾਸੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਥਾਣੇ ਲੈ ਗਈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਵਿਜੇ ਨਾਂ ਦੇ ਪ੍ਰਵਾਸੀ ਵਜੋਂ ਹੋਈ ਹੈ।
ਜਾਂਚ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮਾਸੂਮ ਬੱਚੀ ਦੇ ਪਰਿਵਾਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਸਤਨਾਮ ਕੌਰ ਨੇ ਦੱਸਿਆ ਕਿ ਵਿਜੇ ਨੇ ਬੱਚੀ ਨੂੰ ਸਕੂਲ ਤੋਂ ਘਰ ਆਉਂਦੇ ਸਮੇਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ਸ਼ੁਰੂਆਤੀ ਜਾਂਚ ਵਿੱਚ ਛੇੜਛਾੜ ਜਾਂ ਜ਼ਬਰ-ਜ਼ਿਨਾਹ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਪਰਿਵਾਰ ਦਾ ਦੋਸ਼ ਹੈ ਕਿ ਵਿਅਕਤੀ ਨੇ ਮਾਸੂਮ ਨਾਲ ਬਦਸਲੂਕੀ ਕਰਨ ਦੀ ਕੋਸ਼ਿਸ਼ ਕੀਤੀ।
ਪੁਲਸ ਅਧਿਕਾਰੀਆਂ ਨੇ ਕਿਹਾ ਹੈ ਕਿ ਬੱਚੀ ਦਾ ਮੈਡੀਕਲ ਚੈਕਅੱਪ ਕਰਵਾਇਆ ਜਾ ਰਿਹਾ ਹੈ ਅਤੇ ਉਸਦੀ ਰਿਪੋਰਟ ਆਉਣ ਮਗਰੋਂ ਅਗਲੇ ਕਾਨੂੰਨੀ ਕਦਮ ਚੁੱਕੇ ਜਾਣਗੇ। ਐੱਸ.ਐੱਚ.ਓ. ਰਾਜਵਿੰਦਰ ਨੇ ਪੁਸ਼ਟੀ ਕੀਤੀ ਹੈ ਕਿ ਵਿਜੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ।
ਇਹ ਘਟਨਾ ਸਥਾਨਕ ਨਿਵਾਸੀਆਂ ਵਿੱਚ ਕਾਫ਼ੀ ਰੋਸ ਪੈਦਾ ਕਰ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਮਾਸੂਮ ਬੱਚੀਆਂ ਨਾਲ ਇਸ ਤਰ੍ਹਾਂ ਦੀਆਂ ਘਟਨਾਵਾਂ ਕਤਈ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਹਨਾਂ ਨੇ ਮੰਗ ਕੀਤੀ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ‘ਤੇ ਰੋਕ ਲੱਗ ਸਕੇ।