ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਡਾਕਟਰਾਂ ਨੇ ਅੱਜ ਸਰਕਾਰ ਵਿਰੁੱਧ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਲੈ ਕੇ ਤਿੱਖਾ ਪ੍ਰਦਰਸ਼ਨ ਕੀਤਾ। ਡਾਕਟਰਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਆਪਣੇ ਵੱਖ-ਵੱਖ ਹੱਕਾਂ ਅਤੇ ਸੁਵਿਧਾਵਾਂ ਲਈ ਲੜ ਰਹੇ ਹਨ ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਸਕਾਰਾਤਮਕ ਫੈਸਲਾ ਨਹੀਂ ਲਿਆ ਗਿਆ।
ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਉਹਨਾਂ ਨੇ ਕਈ ਵਾਰ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ, ਪਰ ਹਰ ਵਾਰ ਸਿਰਫ਼ ਭਰੋਸੇ ਹੀ ਮਿਲੇ। ਡਾਕਟਰਾਂ ਮੁਤਾਬਕ, ਦੋ ਸਾਲ ਪਹਿਲਾਂ ਵੀ ਉਨ੍ਹਾਂ ਨੇ ਇਸੇ ਮਸਲੇ ਨੂੰ ਲੈ ਕੇ ਰੋਸ ਜਤਾਇਆ ਸੀ ਪਰ ਸਰਕਾਰ ਨੇ ਉਨ੍ਹਾਂ ਦੀ ਇੱਕ ਵੀ ਮੰਗ ਨਹੀਂ ਮੰਨੀ। ਉਹ ਕਹਿੰਦੇ ਹਨ ਕਿ ਸਭ ਤੋਂ ਵੱਡੀ ਸਮੱਸਿਆ ਭੱਤੇ ਨੂੰ ਲੈ ਕੇ ਹੈ, ਜੋ ਕਿ ਹੋਰ ਵਿਭਾਗਾਂ ਦੇ ਮੁਕਾਬਲੇ ਬਹੁਤ ਘੱਟ ਦਿੱਤਾ ਜਾ ਰਿਹਾ ਹੈ।
ਡਾਕਟਰਾਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਭੱਤਾ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਗੇ, ਜਿਸ ਦਾ ਸਿੱਧਾ ਅਸਰ ਪਸ਼ੂ ਪਾਲਕਾਂ ਅਤੇ ਕਿਸਾਨਾਂ ’ਤੇ ਪਵੇਗਾ।
ਇਸ ਦੌਰਾਨ ਡਾਕਟਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਪੁਰਾਣੀ ਵੀਡੀਓ ਵੀ ਸਾਂਝੀ ਕੀਤੀ। ਇਸ ਵੀਡੀਓ ਵਿੱਚ ਮਾਨ, ਜਦੋਂ ਉਹ ਵਿਰੋਧੀ ਧਿਰ ਵਿੱਚ ਸਨ, ਵਿਧਾਨ ਸਭਾ ਵਿੱਚ ਵੈਟਰਨਰੀ ਯੂਨੀਵਰਸਿਟੀ ਦੇ ਡਾਕਟਰਾਂ ਨੂੰ ਲੈ ਕੇ ਪਹਿਲੀਆਂ ਸਰਕਾਰਾਂ ’ਤੇ ਸਵਾਲ ਚੁੱਕਦੇ ਦਿਖਾਈ ਦੇ ਰਹੇ ਹਨ। ਡਾਕਟਰਾਂ ਨੇ ਕਿਹਾ ਕਿ ਉਸ ਸਮੇਂ ਭਗਵੰਤ ਮਾਨ ਖੁਦ ਡਾਕਟਰਾਂ ਦੇ ਹੱਕਾਂ ਲਈ ਅਵਾਜ਼ ਬੁਲੰਦ ਕਰਦੇ ਸਨ, ਪਰ ਹੁਣ ਜਦੋਂ ਉਹ ਸੱਤਾ ਵਿੱਚ ਹਨ ਤਾਂ ਉਹਨਾਂ ਦੇ ਮੁੱਦਿਆਂ ਵੱਲ ਧਿਆਨ ਨਹੀਂ ਦੇ ਰਹੇ।
ਡਾਕਟਰਾਂ ਦਾ ਸਪਸ਼ਟ ਕਹਿਣਾ ਹੈ ਕਿ ਇਹ ਲੜਾਈ ਹੁਣ ਸਿਰਫ਼ ਭੱਤੇ ਦੀ ਨਹੀਂ ਰਹੀ, ਬਲਕਿ ਸਰਕਾਰੀ ਬੇਪਰਵਾਹੀ ਦੇ ਵਿਰੁੱਧ ਇੱਕ ਵੱਡਾ ਸੰਘਰਸ਼ ਹੈ। ਉਹਨਾਂ ਨੇ ਸਰਕਾਰ ਨੂੰ ਚੇਤਾਇਆ ਹੈ ਕਿ ਜੇ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਦੀ ਹੜਤਾਲ ਹੋਰ ਤੇਜ਼ ਰੂਪ ਧਾਰਨ ਕਰ ਸਕਦੀ ਹੈ।