ਕਪੂਰਥਲਾ : ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੀ ਸਬ-ਡਿਵੀਜ਼ਨ ਭੁਲੱਥ ਦੇ ਅਧੀਨ ਆਉਂਦੇ ਪਿੰਡ ਹਮੀਰਾ ਵਿੱਚ ਪੁਰਾਣੀ ਰੰਜਿਸ਼ ਨੇ ਇਕ ਵਾਰ ਫਿਰ ਖੂਨੀ ਰੂਪ ਧਾਰ ਲਿਆ। ਪਿੰਡ ਵਿੱਚ ਬੁੱਧਵਾਰ ਦੇਰ ਰਾਤ ਦੋ ਗੁੱਟਾਂ ਵਿਚਕਾਰ ਭਿਆਨਕ ਝਗੜਾ ਹੋਇਆ, ਜਿਸ ਨੇ ਪੂਰੇ ਇਲਾਕੇ ਦਾ ਮਾਹੌਲ ਤਣਾਅਪੂਰਨ ਕਰ ਦਿੱਤਾ। ਹਮਲਾਵਰਾਂ ਨੇ ਨਾ ਸਿਰਫ਼ ਇਕ ਇਨੋਵਾ ਕਾਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ, ਸਗੋਂ ਲਗਾਤਾਰ 3 ਰਾਊਂਡ ਗੋਲ਼ੀਆਂ ਵੀ ਚਲਾਈਆਂ। ਇਸ ਗੋਲ਼ੀਬਾਰੀ ਵਿੱਚ ਇਕ ਵਿਅਕਤੀ ਜਸਵੰਤ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ, ਬੁੱਧਵਾਰ ਸ਼ਾਮ ਨੂੰ ਕਪੂਰਥਲਾ ਦੀ ਨਵੀਂ ਕਚਹਿਰੀ ਨੇੜੇ ਦੋਵਾਂ ਧਿਰਾਂ ਦੇ ਕੁਝ ਨੌਜਵਾਨਾਂ ਵਿਚਕਾਰ ਪਹਿਲਾਂ ਵੀ ਝਗੜਾ ਹੋਇਆ ਸੀ, ਜਿਸ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਹੀ ਰਾਤ 10 ਵਜੇ ਦੇ ਕਰੀਬ ਕੁਝ ਅਣਪਛਾਤੇ ਹਮਲਾਵਰ ਪਿੰਡ ਹਮੀਰਾ ਵਿੱਚ ਪਹੁੰਚੇ। ਉਨ੍ਹਾਂ ਨੇ ਇਕ ਘਰ ਦੇ ਬਾਹਰ ਖੜ੍ਹੀ ਇਨੋਵਾ ਕਾਰ ਨੂੰ ਅੱਗ ਲਗਾ ਦਿੱਤੀ। ਜਦੋਂ ਕਾਰ ਮਾਲਕ ਜਸਵੰਤ ਸਿੰਘ ਰੌਲਾ ਸੁਣ ਕੇ ਘਰੋਂ ਬਾਹਰ ਨਿਕਲਿਆ ਤਾਂ ਹਮਲਾਵਰਾਂ ਨੇ ਉਸ ’ਤੇ ਅਚਾਨਕ ਫਾਇਰਿੰਗ ਕਰ ਦਿੱਤੀ। ਇਕ ਗੋਲ਼ੀ ਉਸ ਦੀ ਬਾਂਹ ਵਿੱਚ ਲੱਗੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਨੂੰ ਤੁਰੰਤ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਹਾਲਾਂਕਿ, ਡਿਊਟੀ ਡਾਕਟਰ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰ ਤੁਰੰਤ ਜਲੰਧਰ ਦੇ ਇਕ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਇਸ ਵੇਲੇ ਉਸ ਦਾ ਇਲਾਜ ਜਾਰੀ ਹੈ ਅਤੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੱਸੀ ਹੈ।

ਭੁਲੱਥ ਦੇ ਡੀ.ਐੱਸ.ਪੀ. ਕਰਨੈਲ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੌਕੇ ਤੋਂ ਤਿੰਨ ਖੋਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ। ਪੁਲਿਸ ਵੱਲੋਂ ਜ਼ਖ਼ਮੀ ਜਸਵੰਤ ਸਿੰਘ ਦੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਉਸਦੇ ਬਿਆਨ ਅਧਾਰਿਤ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਇਸ ਘਟਨਾ ਨੇ ਪਿੰਡ ਹਮੀਰਾ ਅਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਖੌਫ਼ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਲੋਕਾਂ ਵਿੱਚ ਦੋਵਾਂ ਧਿਰਾਂ ਦੀ ਲੜਾਈ ਨੂੰ ਲੈ ਕੇ ਚਰਚਾ ਤੇਜ਼ ਹੈ। ਪੁਲਿਸ ਵੱਲੋਂ ਪੂਰੇ ਇਲਾਕੇ ਵਿੱਚ ਸੁਰੱਖਿਆ ਦੇ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਹੋਰ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।