ਅੰਮ੍ਰਿਤਸਰ ਦੇ ਕੱਥੂਨੰਗਲ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ‘ਚ 20 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਜੀਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਦੋਵੇਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੰਦਰ ਮੱਥਾ ਟੇਕਣ ਲਈ ਜਾ ਰਹੇ ਸਨ।
ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਪਛਾਣ ਰਮਨ ਕੁਮਾਰ ਵਜੋਂ ਹੋਈ ਹੈ ਜੋ ਕਿ ਕੱਥੂਨੰਗਲ ਦਾ ਰਹਿਣ ਵਾਲਾ ਸੀ। ਰਮਨ ਆਪਣੇ ਜੀਜੇ ਦੇ ਨਾਲ ਅੱਜ ਦੁਰਗਾ ਅਸ਼ਟਮੀ ਦੇ ਮੌਕੇ ‘ਤੇ ਚਵਿੰਡਾ ਦੇਵੀ ਮੰਦਰ ਵਿੱਚ ਮੱਥਾ ਟੇਕਣ ਲਈ ਨਿਕਲਿਆ ਸੀ। ਰਸਤੇ ਵਿੱਚ ਉਨ੍ਹਾਂ ਦੀ ਮੋਟਰਸਾਈਕਲ ਦੀ ਟੱਕਰ ਇੱਕ ਤੇਜ਼ ਰਫ਼ਤਾਰ ਟਿੱਪਰ ਨਾਲ ਹੋ ਗਈ। ਟੱਕਰ ਇਨੀ ਭਿਆਨਕ ਸੀ ਕਿ ਰਮਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਜੀਜਾ ਗੰਭੀਰ ਜ਼ਖ਼ਮੀਆਂ ਹਾਲਤ ਵਿੱਚ ਅੰਮ੍ਰਿਤਸਰ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਬਾਅਦ ਵਿੱਚ ਹਾਲਤ ਨਾਜੁਕ ਹੋਣ ਕਾਰਨ ਉਸਨੂੰ ਨਿੱਜੀ ਹਸਪਤਾਲ ਭੇਜਿਆ ਗਿਆ।
ਹਾਦਸੇ ਤੋਂ ਬਾਅਦ ਮੌਕੇ ‘ਤੇ ਭੀੜ ਇਕੱਠੀ ਹੋ ਗਈ ਅਤੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਟੀਮ ਨੇ ਫੌਰੀ ਕਾਰਵਾਈ ਕਰਦਿਆਂ ਟਿੱਪਰ ਡਰਾਈਵਰ ਨੂੰ ਕਾਬੂ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਅਚਾਨਕ ਹਾਦਸੇ ਕਾਰਨ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਸੜਕਾਂ ‘ਤੇ ਤੇਜ਼ ਰਫ਼ਤਾਰ ਨਾਲ ਚੱਲ ਰਹੇ ਭਾਰੀ ਵਾਹਨਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਅਜੇਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।