ਪਾਕਿਸਤਾਨ ‘ਚ ਅੱਤਵਾਦੀ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਵੀਰਵਾਰ ਨੂੰ ਖੈਬਰ ਪਖ਼ਤੂਨਖ਼ਵਾ ਸੂਬੇ ਦੀ ਰਾਜਧਾਨੀ ਪੇਸ਼ਾਵਰ ਵਿੱਚ ਇੱਕ ਤਗੜਾ ਬੰਬ ਧਮਾਕਾ ਹੋਇਆ, ਜਿਸ ਵਿੱਚ ਘੱਟੋ-ਘੱਟ 9 ਲੋਕਾਂ ਦੀ ਜਾਨ ਚਲੀ ਗਈ ਤੇ ਚਾਰ ਪੁਲਿਸ ਅਧਿਕਾਰੀ ਸਮੇਤ ਕਈ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਡਾਨ ਨਿਊਜ਼ ਦੀ ਰਿਪੋਰਟ ਮੁਤਾਬਕ, ਪੇਸ਼ਾਵਰ ਕੈਪੀਟਲ ਸਿਟੀ ਪੁਲਿਸ ਅਫਸਰ ਮੀਆਂ ਸਈਦ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਇਹ ਵਿਸਫੋਟਕ ਪੂਰੀ ਯੋਜਨਾ ਤਹਿਤ ਕੀਤਾ ਗਿਆ ਸੀ। ਬੰਬ ਇੱਕ ਪੁਲਿਸ ਮੋਬਾਈਲ ਵੈਨ ਦੇ ਰਸਤੇ ਵਿੱਚ ਲਗਾਇਆ ਗਿਆ ਸੀ, ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਇਸ ਹਮਲੇ ਵਿੱਚ ਪੁਲਿਸ ਫੋਰਸ ਨੂੰ ਸਿੱਧਾ ਨਿਸ਼ਾਨਾ ਬਣਾਇਆ ਗਿਆ। ਧਮਾਕੇ ਤੋਂ ਬਾਅਦ ਘਬਰਾਹਟ ਫੈਲ ਗਈ ਅਤੇ ਇਲਾਕੇ ਵਿੱਚ ਚੀਖਾਂ ਪੁਕਾਰਾਂ ਮਚ ਗਈਆਂ।
ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਧਮਾਕੇ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਦੀ ਵੱਡੀ ਗਿਣਤੀ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਲਿਆ ਗਿਆ। ਬੰਬ ਨਿਰੋਧਕ ਦਸਤੇ ਅਤੇ ਫੋਰੈਂਸਿਕ ਟੀਮਾਂ ਮੌਕੇ ਤੋਂ ਸਬੂਤ ਇਕੱਠੇ ਕਰ ਰਹੀਆਂ ਹਨ, ਤਾਂ ਜੋ ਧਮਾਕੇ ਦੇ ਅਸਲੀ ਕਾਰਨ ਅਤੇ ਦੋਸ਼ੀਆਂ ਤੱਕ ਪਹੁੰਚਿਆ ਜਾ ਸਕੇ।
ਕਵੇਟਾ ਧਮਾਕੇ ਤੋਂ ਬਾਅਦ ਵੱਡਾ ਹਮਲਾ
ਇਸ ਤੋਂ ਸਿਰਫ਼ ਦੋ ਦਿਨ ਪਹਿਲਾਂ, ਮੰਗਲਵਾਰ ਨੂੰ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਵਿੱਚ ਵੀ ਇੱਕ ਭਿਆਨਕ ਧਮਾਕਾ ਹੋਇਆ ਸੀ। 30 ਸਤੰਬਰ ਨੂੰ ਫਰੰਟੀਅਰ ਕੋਰ (ਐਫਸੀ) ਹੈੱਡਕੁਆਰਟਰ ਦੇ ਨੇੜੇ ਹੋਏ ਇਸ ਧਮਾਕੇ ਵਿੱਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਸੀ ਅਤੇ 32 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਸਨ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਵੀਡੀਓਜ਼ ਵਿੱਚ ਵੇਖਿਆ ਜਾ ਸਕਦਾ ਹੈ ਕਿ ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਸੜਕ ‘ਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਨੇੜਲੇ ਘਰਾਂ ਦੀਆਂ ਖਿੜਕੀਆਂ ਤੱਕ ਟੁੱਟ ਗਈਆਂ। ਪੁਲਿਸ ਦੇ ਅਨੁਸਾਰ ਇਹ ਵਿਸਫੋਟ ਉਸ ਵੇਲੇ ਹੋਇਆ ਜਦੋਂ ਇੱਕ ਵਾਹਨ ਮਾਡਲ ਟਾਊਨ ਤੋਂ ਹਾਲੀ ਰੋਡ ਵੱਲ ਮੁੜ ਰਿਹਾ ਸੀ।
ਅੱਤਵਾਦੀਆਂ ਨੂੰ ਮਾਰਿਆ ਗਿਆ
ਧਮਾਕੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ। ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਸਰਫਰਾਜ਼ ਬੁਗਤੀ ਨੇ ਇਸ ਹਮਲੇ ਨੂੰ “ਅੱਤਵਾਦੀ ਸਾਜ਼ਿਸ਼” ਕਰਾਰ ਦਿੰਦਿਆਂ ਕਿਹਾ ਕਿ ਅੱਤਵਾਦੀਆਂ ਨੂੰ ਢੁਕਵਾਂ ਜਵਾਬ ਦਿੱਤਾ ਜਾਵੇਗਾ। ਉਸ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ “ਕਾਇਰਾਨਾ ਹਮਲੇ ਦੇਸ਼ ਦੀ ਹਿੰਮਤ ਨਹੀਂ ਟੋੜ ਸਕਦੇ। ਲੋਕਾਂ ਅਤੇ ਸੁਰੱਖਿਆ ਬਲਾਂ ਦੀਆਂ ਕੁਰਬਾਨੀਆਂ ਵਿਅਰਥ ਨਹੀਂ ਜਾਣਗੀਆਂ।”
ਬੁਗਤੀ ਨੇ ਇਹ ਵੀ ਕਿਹਾ ਕਿ ਸਰਕਾਰ ਬਲੋਚਿਸਤਾਨ ਅਤੇ ਪੂਰੇ ਦੇਸ਼ ਨੂੰ ਸ਼ਾਂਤੀਪੂਰਨ ਤੇ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।