ਚੰਡੀਗੜ੍ਹ/ਚੇਨਈ – ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਡੇ ਪੱਧਰ ‘ਤੇ ਤਿਆਰੀਆਂ ਕਰ ਰਹੀ ਹੈ। ਇਸ ਸਬੰਧੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਪਹੁੰਚ ਕੇ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਸੌਂਪਿਆ।
ਦੋਵਾਂ ਕੈਬਨਿਟ ਮੰਤਰੀਆਂ ਨੇ ਸਟਾਲਿਨ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਤੇ ਜੀਵਨ ਤੋਂ ਪ੍ਰੇਰਿਤ ਹੋ ਕੇ ਮਹੀਨਾ ਭਰ ਚੱਲਣ ਵਾਲੇ ਵਿਸ਼ਾਲ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਯੋਜਨਾ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਗੁਰੂ ਤੇਗ ਬਹਾਦਰ ਜੀ ਵੱਲੋਂ ਧਾਰਮਿਕ ਆਜ਼ਾਦੀ, ਮਨੁੱਖਤਾ ਅਤੇ ਸਰਬ-ਸਮਾਨਤਾ ਦੇ ਸਿਧਾਂਤਾਂ ਦੀ ਰੱਖਿਆ ਲਈ ਦਿੱਤੀ ਗਈ ਵਿਲੱਖਣ ਸ਼ਹਾਦਤ ਨੂੰ ਯਾਦ ਕਰਨ ਲਈ ਸਮਰਪਿਤ ਹਨ।
ਮੰਤਰੀਆਂ ਨੇ ਦੱਸਿਆ ਕਿ 25 ਅਕਤੂਬਰ ਤੋਂ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮਾਂ, ਕੀਰਤਨ ਦਰਬਾਰਾਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਲੜੀ ਚੱਲੇਗੀ। ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਇਸ ਤੋਂ ਇਲਾਵਾ, ਗੁਰੂ ਸਾਹਿਬ ਜੀ ਦੇ ਚਰਨ ਛੋਹ 130 ਪਾਵਨ ਅਸਥਾਨਾਂ ‘ਤੇ ਵੀ ਕੀਰਤਨ ਦਰਬਾਰ ਤੇ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣਗੇ।
ਫੌਜੀ ਸੂਤਰਾਂ ਮੁਤਾਬਕ, ਸ੍ਰੀਨਗਰ (ਜੰਮੂ-ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਰਵਾਨਾ ਕੀਤੇ ਜਾਣਗੇ ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਮੁੱਖ ਸਮਾਗਮ 23 ਤੋਂ 25 ਨਵੰਬਰ ਤੱਕ ਹੋਣਗੇ, ਜਿਨ੍ਹਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ-ਧਰਮ ਸੰਮੇਲਨ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹੋਣਗੇ।
ਇਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸੁਵਿਧਾ ਲਈ “ਚੱਕ ਨਾਨਕੀ” ਨਾਮ ਦੀ ਵਿਸ਼ਾਲ ਟੈਂਟ ਸਿਟੀ ਤਿਆਰ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਨਮਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਸਾਰੀ ਦੁਨੀਆਂ ਵਿੱਚ ਏਕਤਾ, ਦਇਆ ਤੇ ਸਰਬਸਾਂਝੇਵਾਲਤਾ ਦਾ ਸੰਦੇਸ਼ ਦੇਵੇਗੀ। ਉਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ।
ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮ ਸਾਰੇ ਦੇਸ਼ ਵਿੱਚ ਗੁਰੂ ਸਾਹਿਬ ਜੀ ਦੇ ਅਮਨ, ਸੱਚਾਈ ਤੇ ਬਰਾਬਰੀ ਦੇ ਉਪਦੇਸ਼ਾਂ ਨੂੰ ਪ੍ਰਸਾਰਿਤ ਕਰਨ ਦਾ ਵਿਲੱਖਣ ਯਤਨ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਸ਼ਿਰਕਤ ਕਰਨਗੇ, ਜੋ ਗੁਰੂ ਸਾਹਿਬ ਜੀ ਦੀ ਬਾਣੀ ਤੇ ਜੀਵਨ ਤੋਂ ਆਤਮਿਕ ਪ੍ਰੇਰਣਾ ਪ੍ਰਾਪਤ ਕਰਨਗੇ।