ਅੰਮ੍ਰਿਤਸਰ/ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਸੋਮਵਾਰ ਨੂੰ ਪੰਜਾਬ ਦੇ ਦੌਰੇ ’ਤੇ ਪਹੁੰਚੇ। ਉਨ੍ਹਾਂ ਦਾ ਇਹ ਦੌਰਾ ਖ਼ਾਸ ਤੌਰ ’ਤੇ ਉਹਨਾਂ ਖੇਤਰਾਂ ਲਈ ਹੈ ਜੋ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਰਾਹੁਲ ਗਾਂਧੀ ਸਵੇਰੇ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਉੱਤੇ ਪਹੁੰਚੇ, ਜਿੱਥੋਂ ਉਹ ਸਿੱਧੇ ਹੜ੍ਹ ਪ੍ਰਭਾਵਿਤ ਇਲਾਕਿਆਂ ਵੱਲ ਰਵਾਨਾ ਹੋ ਗਏ।
ਸੂਤਰਾਂ ਅਨੁਸਾਰ, ਰਾਹੁਲ ਗਾਂਧੀ ਅਜਨਾਲਾ ਅਤੇ ਰਮਦਾਸ ਦੇ ਉਹਨਾਂ ਪਿੰਡਾਂ ਵਿੱਚ ਜਾਵਣਗੇ, ਜਿੱਥੇ ਹੜ੍ਹ ਕਾਰਨ ਸੈਂਕੜੇ ਪਰਿਵਾਰਾਂ ਨੂੰ ਆਪਣੇ ਘਰ ਛੱਡਣੇ ਪਏ ਹਨ। ਇਸ ਦੌਰਾਨ ਉਹ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ, ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕਰਨਗੇ ਅਤੇ ਉਨ੍ਹਾਂ ਨੂੰ ਭਰੋਸਾ ਦੇਣਗੇ ਕਿ ਕਾਂਗਰਸ ਪਾਰਟੀ ਉਹਨਾਂ ਦੇ ਨਾਲ ਖੜ੍ਹੀ ਹੈ।
ਇਹ ਵੀ ਯਾਦ ਰਹੇ ਕਿ ਪੰਜਾਬ ਇਸ ਵੇਲੇ 1988 ਤੋਂ ਬਾਅਦ ਸਭ ਤੋਂ ਭਿਆਨਕ ਹੜ੍ਹ ਆਫ਼ਤ ਨਾਲ ਜੂਝ ਰਿਹਾ ਹੈ। ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦੇ ਪਾਣੀ ਨੇ ਆਪਣੀਆਂ ਹੱਦਾਂ ਤੋੜ ਦਿੱਤੀਆਂ ਹਨ ਜਿਸ ਨਾਲ ਆਸ-ਪਾਸ ਦੇ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਤਬਾਹੀ ਹੋਈ ਹੈ। ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕੈਚਮੈਂਟ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਣ ਕਾਰਨ ਦਰਿਆਵਾਂ ਦਾ ਪਾਣੀ ਤੇਜ਼ੀ ਨਾਲ ਪੰਜਾਬ ਵੱਲ ਵਗਿਆ। ਇਸ ਤੋਂ ਇਲਾਵਾ, ਸੂਬੇ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਹੋ ਰਹੀਆਂ ਬਾਰਿਸ਼ਾਂ ਨੇ ਸਥਿਤੀ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ।
ਹੜ੍ਹਾਂ ਨੇ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦੋਵਾਂ ਨੂੰ ਪ੍ਰਭਾਵਿਤ ਕੀਤਾ ਹੈ। ਕਈ ਸੜਕਾਂ ਡੁੱਬ ਗਈਆਂ ਹਨ, ਫ਼ਸਲਾਂ ਬਰਬਾਦ ਹੋ ਗਈਆਂ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਲਾਇਨ ਕਰਨਾ ਪਿਆ ਹੈ। ਸਰਕਾਰ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਪਰ ਸਥਿਤੀ ਹਾਲੇ ਵੀ ਪੂਰੀ ਤਰ੍ਹਾਂ ਕਾਬੂ ਵਿੱਚ ਨਹੀਂ ਆਈ।
ਰਾਹੁਲ ਗਾਂਧੀ ਦੇ ਇਸ ਦੌਰੇ ਨੂੰ ਰਾਜਨੀਤਿਕ ਪੱਖੋਂ ਵੀ ਮਹੱਤਵਪੂਰਣ ਮੰਨਿਆ ਜਾ ਰਿਹਾ ਹੈ। ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਇਹ ਦੌਰਾ ਸਿਰਫ਼ ਰਾਜਨੀਤਿਕ ਨਹੀਂ ਸਗੋਂ ਮਨੁੱਖੀ ਹਮਦਰਦੀ ਨਾਲ ਜੁੜਿਆ ਹੋਇਆ ਹੈ। ਰਾਹੁਲ ਗਾਂਧੀ ਸਿੱਧਾ ਹੜ੍ਹ ਪੀੜਤਾਂ ਨਾਲ ਮਿਲ ਕੇ ਉਹਨਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨਗੇ।