ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਘੋਸ਼ਣਾ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ 1 ਸਤੰਬਰ ਤੋਂ ਲੈਂਡ ਪੂਲਿੰਗ ਵਿਰੁੱਧ ਪੱਕਾ ਮੋਰਚਾ ਲਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਹਰ ਰੋਜ਼ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਵਿੱਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੱਕ ਰੋਜ਼ਾਨਾ ਮਾਰਚ ਕੀਤਾ ਜਾਵੇਗਾ। ਮੋਰਚੇ ਦੀ ਸ਼ੁਰੂਆਤ 31 ਅਗਸਤ ਨੂੰ ਅਕਾਲ ਤਖ਼ਤ ਸਾਹਿਬ ‘ਚ ਅਰਦਾਸ ਕਰਕੇ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਪਾਰਟੀ ਛੱਡ ਚੁੱਕੇ ਆਗੂਆਂ ਨੂੰ ਵੀ ਵਾਪਸ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਆਗੂ ਨੂੰ ਉਨ੍ਹਾਂ ਦੀ ਕਿਸੇ ਗੱਲ ਦਾ ਦਿਲ ‘ਚ ਦੁੱਖ ਹੈ ਤਾਂ ਉਹ ਹੱਥ ਜੋੜ ਕੇ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ “ਸਾਡੇ ਲਈ ਸਭ ਤੋਂ ਵੱਡੀ ਗੱਲ ਪੰਥ ਅਤੇ ਪਾਰਟੀ ਦੀ ਏਕਤਾ ਹੈ। ਜਥੇਦਾਰ ਸਾਹਿਬ ਦੇ ਹੁਕਮ ਅਨੁਸਾਰ ਅਸੀਂ ਸਾਰੇ ਇਕੱਠੇ ਹੋਣਾ ਚਾਹੀਦਾ ਹੈ। ਜਦ ਤੱਕ ਅਸੀਂ ਇਕਜੁੱਟ ਨਹੀਂ ਹੋਵਾਂਗੇ, ਅਸੀਂ ਦੁਸ਼ਮਣਾਂ ਦਾ ਸਾਹਮਣਾ ਨਹੀਂ ਕਰ ਸਕਦੇ।”