ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਨੰਦੂਰਬਾਰ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਐਸਾ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਨੇ ਦੇਖਣ ਵਾਲਿਆਂ ਦੀ ਰੂਹ ਕੰਬਾ ਦਿੱਤੀ। ਚਾਂਦਸਾਲੀ ਘਾਟ ‘ਤੇ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਵੈਨ ਅਚਾਨਕ ਮੋੜ ‘ਤੇ ਕੰਟਰੋਲ ਗੁਆ ਬੈਠੀ ਅਤੇ ਗਹਿਰੀ ਖਾਈ ਵਿੱਚ ਜਾ ਪਲਟੀ। ਇਸ ਭਿਆਨਕ ਹਾਦਸੇ ਵਿੱਚ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 10 ਤੋਂ ਵੱਧ ਯਾਤਰੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਵਿਚੋਂ ਕਈ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।
ਮਿਲੀ ਜਾਣਕਾਰੀ ਮੁਤਾਬਕ, ਇਹ ਸਾਰੇ ਸ਼ਰਧਾਲੂ ਪਵਿੱਤਰ ਅਸ਼ਟੰਬ ਯਾਤਰਾ ਤੋਂ ਵਾਪਸ ਆਪਣੇ ਪਿੰਡਾਂ ਵੱਲ ਜਾ ਰਹੇ ਸਨ। ਘਾਟੀ ਵਾਲੇ ਹਿੱਸੇ ‘ਤੇ ਤਿੱਖੇ ਮੋੜ ਦੌਰਾਨ ਡਰਾਈਵਰ ਨੇ ਵਾਹਨ ‘ਤੇ ਕੰਟਰੋਲ ਗੁਆ ਦਿੱਤਾ ਅਤੇ ਪਿਕਅੱਪ ਬੇਕਾਬੂ ਹੋ ਕੇ ਉਲਟ ਗਈ। ਵੈਨ ਵਿੱਚ ਦਰਜਨਾਂ ਸ਼ਰਧਾਲੂ ਸਵਾਰ ਸਨ ਜੋ ਹਾਦਸੇ ਦੌਰਾਨ ਵਾਹਨ ਹੇਠਾਂ ਫਸ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ, ਪੁਲਿਸ ਅਤੇ ਰੈਸਕਿਊ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਚਸ਼ਮਦੀਦਾਂ ਦੇ ਮੁਤਾਬਕ, ਹਾਦਸਾ ਇੰਨਾ ਭਿਆਨਕ ਸੀ ਕਿ ਵੈਨ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਕੁਚਲ ਗਿਆ ਸੀ। ਮੌਕੇ ‘ਤੇ ਮ੍ਰਿਤਕਾਂ ਦੀਆਂ ਲਾਸ਼ਾਂ ਵਾਹਨ ਦੇ ਹੇਠਾਂ ਫਸੀ ਹੋਈਆਂ ਮਿਲੀਆਂ, ਜਦੋਂ ਕਿ ਜ਼ਖਮੀ ਲੋਕ ਦਰਦ ਨਾਲ ਚੀਕਾਂ ਮਾਰ ਰਹੇ ਸਨ। ਸਥਾਨਕ ਨਿਵਾਸੀਆਂ ਨੇ ਪੁਲਿਸ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢ ਕੇ ਤੁਰੰਤ ਤਲੋਦਾ ਉਪ-ਜ਼ਿਲ੍ਹਾ ਹਸਪਤਾਲ ਭੇਜਿਆ। ਹਾਲਾਂਕਿ ਕਈਆਂ ਦੀ ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਨੰਦੂਰਬਾਰ ਜ਼ਿਲ੍ਹਾ ਹਸਪਤਾਲ ਰੈਫਰ ਕੀਤਾ ਗਿਆ ਹੈ।
ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੀੜਤ ਪਰਿਵਾਰਾਂ ਦੇ ਘਰਾਂ ‘ਚ ਮਾਤਮ ਦਾ ਮਾਹੌਲ ਬਣ ਗਿਆ ਹੈ। ਪ੍ਰਸ਼ਾਸਨ ਵੱਲੋਂ ਜ਼ਖਮੀਆਂ ਦੇ ਇਲਾਜ ਲਈ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸ਼ੁਰੂਆਤੀ ਅੰਦਾਜ਼ਿਆਂ ਅਨੁਸਾਰ ਡਰਾਈਵਰ ਦੀ ਲਾਪਰਵਾਹੀ ਜਾਂ ਘਾਟੀ ਦੀ ਖਰਾਬ ਸੜਕ ਹਾਦਸੇ ਦਾ ਮੁੱਖ ਕਾਰਨ ਮੰਨੀ ਜਾ ਰਹੀ ਹੈ।
ਅਧਿਕਾਰੀਆਂ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਅਤੇ ਹਾਦਸੇ ਦੀ ਪੂਰੀ ਜਾਂਚ ਕਰਕੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਦਰਦਨਾਕ ਘਟਨਾ ਨੇ ਦੁਬਾਰਾ ਇਹ ਸਵਾਲ ਖੜ੍ਹਾ ਕੀਤਾ ਹੈ ਕਿ ਖ਼ਤਰਨਾਕ ਘਾਟੀ ਰਸਤਿਆਂ ‘ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਕਿੰਨੇ ਗੰਭੀਰ ਹਨ।