ਅੰਮ੍ਰਿਤਸਰ : ਪੰਜਾਬ ਵਿਚ ਆਈ ਤਬਾਹੀਕਾਰ ਹੜ੍ਹਾਂ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਪਹੁੰਚੇ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਨ੍ਹਾਂ ਦਾ ਰਾਜਨੀਤਿਕ ਆਗੂਆਂ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਚੌਹਾਨ ਨੇ ਇੱਕ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਲੀਆਂ, ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਕਈ ਅਧਿਕਾਰੀ ਮੌਜੂਦ ਸਨ।
ਚੌਹਾਨ ਦੇ ਦੌਰੇ ਦੌਰਾਨ ਉਹ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਣਗੇ ਅਤੇ ਹੋਏ ਨੁਕਸਾਨ ਦਾ ਮੁਲਾਂਕਣ ਕਰਨਗੇ। ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ, ਸ਼ਵੇਤ ਮਲਿਕ, ਅਮਰਪਾਲ ਸਿੰਘ ਬੋਨੀ ਅਤੇ ਹਰਵਿੰਦਰ ਸਿੰਘ ਸੰਧੂ ਵੀ ਇਸ ਮੌਕੇ ਉੱਥੇ ਮੌਜੂਦ ਸਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਜਨਾਲਾ ਵਿਚ ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਨੇ ਕੇਂਦਰੀ ਮੰਤਰੀ ਨੂੰ ਪਹਿਲੇ ਪੜਾਅ ਵਿੱਚ 2000 ਕਰੋੜ ਰੁਪਏ ਦੀ ਤੁਰੰਤ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲੋਂ ਆਪਣੇ ਬਕਾਇਆ 60,000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ ਤਾਂ ਜੋ ਰਾਹਤ ਅਤੇ ਪੁਨਰਵਾਸ ਦੇ ਕੰਮ ਜ਼ਲਦੀ ਸ਼ੁਰੂ ਕੀਤੇ ਜਾ ਸਕਣ।
ਧਾਲੀਵਾਲ ਨੇ ਸਪਸ਼ਟ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਹੁਤ ਗੰਭੀਰ ਹਨ ਅਤੇ ਕਿਸਾਨਾਂ ਤੋਂ ਲੈ ਕੇ ਆਮ ਲੋਕਾਂ ਤੱਕ ਸਭ ਹੜ੍ਹਾਂ ਦੀ ਚਪੇਟ ਵਿੱਚ ਆਏ ਹਨ। ਇਸ ਲਈ ਪੰਜਾਬ ਨੂੰ ਮੁੜ ਖੜ੍ਹਾ ਕਰਨ ਲਈ ਵਿੱਤੀ ਮਦਦ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਤੁਰੰਤ ਸਹਾਇਤਾ ਮਿਲਦੀ ਹੈ ਤਾਂ ਹੜ੍ਹ ਪੀੜਤਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬੁਨਿਆਦੀ ਢਾਂਚੇ ਦੀ ਮੁੜ ਨਿਰਮਾਣ ਪ੍ਰਕਿਰਿਆ ਤੇਜ਼ ਹੋ ਸਕੇਗੀ।